Home Punjabi News ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਲਹਿਰਾਉਣਗੇ ਪਟਿਆਲਾ ਵਿਖੇ ਤਿਰੰਗਾ

ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਲਹਿਰਾਉਣਗੇ ਪਟਿਆਲਾ ਵਿਖੇ ਤਿਰੰਗਾ

0

ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਲਹਿਰਾਉਣਗੇ ਪਟਿਆਲਾ, : ਦੇਸ਼ ਦੇ 70ਵੇਂ ਆਜ਼ਾਦੀ ਦਿਹਾੜੇ ਮੌਕੇ ਪਟਿਆਲਾ ਦੇ ਵਾਈ.ਪੀ.ਐਸ. ਸਟੇਡੀਅਮ ਵਿਖੇ ਕਰਵਾਏ ਜਾਣ ਵਾਲੇ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ, ਮਾਲ ਤੇ ਮੁੜ ਵਸੇਬਾ ਅਤੇ ਨਵੀਂ ਤੇ ਨਵਿਆਉਣਯੋਗ ਊਰਜਾ ਬਾਰੇ ਮੰਤਰੀ ਸ. ਬਿਕਰਮ ਸਿੰਘ ਮਜੀਠੀਆ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ। ਇਹ ਜਾਣਕਾਰੀ ਪਟਿਆਲਾ ਦੇ ਡਿਪਟੀ ਕਮਿਸ਼ਨਰ ਸ. ਰਾਮਵੀਰ ਸਿੰਘ ਨੇ ਅੱਜ ਇੱਥੇ ਡੀ.ਆਈ.ਜੀ. ਸ਼੍ਰੀ ਬਲਕਾਰ ਸਿੰਘ ਸਿੱਧੂ, ਐਸ.ਐਸ.ਪੀ. ਸ਼੍ਰੀ ਗੁਰਮੀਤ ਸਿੰਘ ਚੌਹਾਨ ਨਾਲ ਇਸ ਸਮਾਗਮ ਦੀ ਫੁੱਲ ਡਰੈਸ ਰਿਹਰਸਲ ਦਾ ਜਾਇਜਾ ਲੈਣ ਉਪਰੰਤ ਦਿੱਤੀ। ਉਨ੍ਹਾਂ ਦੱਸਿਆ ਕਿ ਸ. ਮਜੀਠੀਆ ਇਸ ਮੌਕੇ ਕੌਮੀ ਝੰਡਾ ਲਹਿਰਾਉਣ ਉਪਰੰਤ ਪਰੇਡ ਦਾ ਨਰੀਖਣ ਕਰਨਗੇ ਅਤੇ ਪੰਜਾਬ ਵਾਸੀਆਂ ਦੇ ਨਾਮ ਆਪਣਾ ਸੰਦੇਸ਼ ਦੇਣਗੇ ਅਤੇ ਇਸ ਉਪਰੰਤ ਸ਼ਾਨਦਾਰ ਮਾਰਚ ਪਾਸਟ ਤੋਂ ਸਲਾਮੀ ਵੀ ਲੈਣਗੇ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਸ਼ਾਨਦਾਰ ਪਰੇਡ ਵਿੱਚ ਆਈ.ਟੀ.ਬੀ.ਪੀ. ਦੀ ਇੱਕ ਟੁਕੜੀ, ਪੰਜਾਬ ਪੁਲਿਸ ਪੁਰਵਾ ਦੀ ਇੱਕ ਟੁਕੜੀ , ਪੰਜਾਬ ਪੁਲਿਸ ਮਹਿਲਾ ਵਿੰਗ ਅਤੇ ਹੋਮ ਗਾਰਡਜ਼ ਦੀ ਇੱਕ-ਇੱਕ ਟੁਕੜੀ ਸਮੇਤ ਐਨ.ਸੀ.ਸੀ. ਆਰਮੀ ਵਿੰਗ ਲੜਕੇ ਤੇ ਲੜਕੀਆਂ, ਐਨ.ਸੀ.ਸੀ. ਏਅਰ ਵਿੰਗ, ਰੈਡ ਕਰਾਸ ਸੇਂਟ ਜੌਨ੍ਹ ਐਂਬੂਲੈਂਸ, ਸਕਾਊਟਸ ਤੇ ਗਰਲਜ਼ ਗਾਈਡ ਤੇ ਆਈ.ਆਰ.ਬੀ. ਦਾ ਬੈਂਡ ਸ਼ਾਮਲ ਹੋਣਗੇ ਅਤੇ ਪਰੇਡ ਦੀ ਅਗਵਾਈ ਪਰੇਡ ਕਮਾਂਡਰ ਡੀ.ਐਸ.ਪੀ. ਮਨਪ੍ਰੀਤ ਸਿੰਘ ਕਰਨਗੇ। ਉਨ੍ਹਾਂ ਦੱਸਿਆ ਕਿ ਮਾਰਚ ਪਾਸਟ ਤੋਂ ਬਾਅਦ ਵੱਖ-ਵੱਖ ਵਿਭਾਗਾਂ ਵੱਲੋਂ ਵਿਕਾਸ ਕਾਰਜਾਂ ਨੂੰ ਦਰਸਾਉਂਦੀਆਂ ਝਾਕੀਆਂ ਕੱਢੀਆਂ ਜਾਣਗੀਆਂ ਅਤੇ ਸਕੂਲੀ ਬੱਚਿਆਂ ਵੱਲੋਂ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਜਾਵੇਗਾ।
ਉਨ੍ਹਾਂ ਦੱਸਿਆ ਕਿ ਇਸ ਸੱਭਿਆਚਾਰਕ ਪ੍ਰੋਗਰਾਮ ਵਿੱਚ ਸਰਕਾਰੀ ਮਾਡਲ ਸਕੂਲ ਫੀਲਖਾਨਾ, ਵਿਕਟੋਰੀਆ ਗਰਲਜ਼ ਸੀਨੀਅਰ ਸੈਕੰਡਰੀ ਸਕੂਲ, ਸਰਕਾਰੀ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਨਿਊ ਪਾਵਰ ਹਾਊਸ ਕਲੋਨੀ, ਸਰਕਾਰੀ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਪੁਰਾਣੀ ਪੁਲਿਸ ਲਾਈਨ, ਸਰਕਾਰੀ ਮਲਟੀਪਰਪਜ਼ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਮਾਡਲ ਟਾਊਨ ਅਤੇ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਸਿਵਲ ਲਾਈਨਜ਼ ਦੀਆਂ ਵਿਦਿਆਰਥਣਾਂ ਹਿੱਸਾ ਲੈਣਗੀਆਂ, ਨਰਾਇਣ ਕੌਂਟੀਨੈਂਟਲ ਸਕੂਲ ਦੇ ਬੱਚੇ ਗੁਬਾਰੇ ਛੱਡਣਗੇ, ਪੰਜਾਬ ਪੁਲਿਸ ਕਲਚਰਲ ਟਰੁੱਪ ਬਹਾਦਰਗੜ੍ਹ ਵੱਲੋਂ ਮਲਵਈ ਗਿੱਧਾ ਅਤੇ ਤਾਈਕਵਾਂਡੋ ਸ਼ੋਅ ਅਤੇ ਪੰਜਾਬੀ ਯੂਨੀਵਰਸਿਟੀ ਦੀ ਟੀਮ ਵੱਲੋਂ ਪੰਜਾਬ ਦਾ ਮਾਰਸ਼ਲ ਆਰਟ ਗੱਤਕਾ ਪੇਸ਼ ਕੀਤਾ ਜਾਵੇਗਾ। ਜਦਕਿ ਸਰਕਾਰੀ ਮਹਿੰਦਰਾ ਕਾਲਜ, ਖਾਲਸਾ ਕਾਲਜ, ਬਿਕਰਮ ਕਾਲਜ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਿਵਲ ਲਾਈਨਜ ਅਤੇ ਮਲਟੀਪਰਪਜ ਸਕੂਲ ਦੇ ਵਿਦਿਆਰਥੀ ਭੰਗੜਾ ਪੇਸ਼ ਕਰਨਗੇ ਅਤੇ ਸਰਕਾਰੀ ਕਾਲਜ ਲੜਕੀਆਂ ਦੀਆਂ ਮੁਟਿਆਰਾਂ ਲੋਕ ਨਾਚ ਗਿੱਧੇ ਦੀ ਪੇਸ਼ਕਾਰੀ ਕਰਨਗੀਆਂ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਮੌਕੇ ਸ. ਮਜੀਠੀਆ ਆਜ਼ਾਦੀ ਘੁਲਾਟੀਆਂ ਨੂੰ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕਰਨਗੇ ਤੇ ਲੋੜਵੰਦਾਂ ਨੂੰ ਵ੍ਹੀਲ ਚੇਅਰ, ਟਰਾਈ ਸਾਈਕਲਾਂ ਅਤੇ ਸਿਲਾਈ ਮਸ਼ੀਨਾਂ ਦੀ ਵੰਡ ਕਰਨਗੇ। ਇਸ ਮੌਕੇ ਵੱਖ-ਵੱਖ ਖੇਤਰਾਂ ਵਿੱਚ ਸ਼ਲਾਘਾਯੋਗ ਕੰਮ ਕਰਨ ਵਾਲੀਆਂ ਸ਼ਖ਼ਸੀਅਤਾਂ ਦਾ ਵੀ ਸਨਮਾਨ ਕੀਤਾ ਜਾਵੇਗਾ। ਇਸ ਤੋਂ ਇਲਾਵਾ ਪਹਿਲੇ ਤੇ ਦੂਸਰੇ ਸਥਾਨ ‘ਤੇ ਆਉਣ ਵਾਲੀਆਂ ਪਰੇਡਾਂ, ਸਰਵੋਤਮ ਝਾਕੀ, ਸਕੂਲੀ ਬੱਚਿਆਂ, ਗੱਤਕਾ ਟੀਮ, ਗਿੱਧਾ ਟੀਮ, ਭੰਗੜਾ ਟੀਮ, ਬੈਂਡ ਮਾਸਟਰ ਆਦਿ ਨੂੰ ਸਨਮਾਨਿਤ ਵੀ ਕੀਤਾ ਜਾਵੇਗਾ। ਸਮਾਰੋਹ ਦੇ ਅਖੀਰ ਵਿੱਚ ਕੌਮੀ ਗੀਤ ਦਾ ਗਾਇਨ ਹੋਵੇਗਾ।
ਡਿਪਟੀ ਕਮਿਸ਼ਨਰ ਨੇ ਦੇਸ਼ ਦੇ ਅਜ਼ਾਦੀ ਦਿਹਾੜੇ ਮੌਕੇ ਵਾਈ.ਪੀ.ਐਸ. ਸਟੇਡੀਅਮ ਵਿਖੇ ਕਰਵਾਏ ਜਾ ਰਹੇ ਜ਼ਿਲ੍ਹਾ ਪੱਧਰੀ ਸਮਾਗਮ ‘ਚ ਜ਼ਿਲ੍ਹਾ ਪਟਿਆਲਾ ਨਿਵਾਸੀਆਂ ਨੂੰ ਵੱਡੀ ਪੱਧਰ ‘ਤੇ ਖੁਸ਼ੀ-ਖੁਸ਼ੀ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਜਿਸ ਆਜ਼ਾਦੀ ਦੀ ਪ੍ਰਾਪਤੀ ਲਈ ਦੇਸ਼ ਭਗਤਾਂ ਨੂੰ ਬੇਸ਼ੁਮਾਰ ਕੁਰਬਾਨੀਆਂ ਕਰਨੀਆਂ ਪਈਆਂ, ਉਸ ਆਜ਼ਾਦੀ ਦੇ ਪਵਿੱਤਰ ਦਿਵਸ ਨੂੰ ਇਕ ਤਿਉਹਾਰ ਦੀ ਤਰ੍ਹਾਂ ਮਨਾਉਣਾ ਚਾਹੀਦਾ ਹੈ ਇਹੋ ਹੀ ਕੁਰਬਾਨੀਆਂ ਦੇਣ ਵਾਲੇ ਸ਼ਹੀਦਾਂ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ, ਇਸ ਲਈ ਸਾਨੂੰ ਇਸ ਸਮਾਰੋਹ ‘ਚ ਵੱਧ ਚੜ੍ਹ ਕੇ ਸ਼ਾਮਲ ਹੋਣਾ ਚਾਹੀਦਾ ਹੈ।
ਡਿਪਟੀ ਕਮਿਸ਼ਨਰ ਨੇ ਇਸ ਮੌਕੇ ਸਮਾਗਮ ਦੇ ਪ੍ਰਬੰਧਾਂ ਸਬੰਧੀ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਦੱਸਿਆ ਕਿ ਇਸ ਸਾਰੇ ਸਮਾਗਮ ਨੂੰ ਸਫ਼ਲਤਾ ਪੂਰਵਕ ਨੇਪਰੇ ਚੜਾਉਣ ਲਈ ਤਿਆਰੀਆਂ ਮੁਕੰਮਲ ਹੋ ਗਈਆਂ ਹਨ। ਉਨ੍ਹਾਂ ਕਿਹਾ ਕਿ ਸਮੂਹ ਵਿਭਾਗਾਂ ਅਤੇ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਇਸ ਸਮਾਗਮ ਨੂੰ ਯਾਦਗਾਰੀ ਬਣਾਉਣ ਲਈ ਯਤਨ ਕੀਤੇ ਜਾ ਰਹੇ ਹਨ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਸਮੂਹ ਜ਼ਿਲ੍ਹਾ ਅਧਿਕਾਰੀਆਂ ਨੂੰ ਨਿਰਦੇਸ਼ ਵੀ ਦਿੱਤੇ ਕਿ ਉਹ ਆਪਣੇ ਦਫ਼ਤਰਾਂ ਦੇ ਸਮੂਹ ਅਧਿਕਾਰੀਆਂ-ਕਰਮਚਾਰੀਆਂ ਦੀ 15 ਅਗਸਤ ਵਾਲੇ ਦਿਨ ਸਮਾਗਮ ‘ਚ ਹਾਜ਼ਰੀ ਯਕੀਨੀ ਬਣਾਉਣ। ਇਸੇ ਦੌਰਾਨ ਐਸ.ਐਸ.ਪੀ. ਸ. ਗੁਰਮੀਤ ਸਿੰਘ ਚੌਹਾਨ ਨੇ ਦੱਸਿਆ ਕਿ ਆਜ਼ਾਦੀ ਦਿਹਾੜੇ ਦੇ ਸਮਾਗਮਾਂ ਲਈ ਸੁਰੱਖਿਆ ਦੇ ਪੁਖ਼ਤਾ ਇੰਤਜਾਮ ਕੀਤੇ ਗਏ ਹਨ।

Exit mobile version