ਚੰਡੀਗੜ੍ਹ,:– ਭਾਰਤ ਸਰਕਾਰ ਵੱਲੋਂ ਕਰਵਾਏ ਕੌਮੀ ਯੁਵਕ ਮੇਲੇ ਵਿੱਚ ਪੰਜਾਬ ਨੇ ਲੋਕ ਗੀਤ ਮੁਕਾਬਲੇ ਵਿੱਚ ਦੂਜਾ ਅਤੇ ਲੋਕ ਨਾਚ ਮੁਕਾਬਲੇ ਵਿੱਚ ਤੀਜਾ ਸਥਾਨ ਹਾਸਲ ਕੀਤਾ। ਯੁਵਕ ਸੇਵਾਵਾਂ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਜੇਤੂ ਨੌਜਵਾਨਾਂ ਨੂੰ ਮੁਬਾਰਕਬਾਦ ਦਿੱਤੀ ਹੈ।
ਕੇੰਦਰੀ ਯੁਵਾ ਤੇ ਖੇਡ ਮੰਤਰਾਲੇ ਵੱਲੋਂ ਮਹਾਂਰਾਸ਼ਟਰ ਦੇ ਸ਼ਹਿਰ ਨਾਸਿਕ ਵਿਖੇ 27ਵਾਂ ਕੌਮੀ ਯੁਵਕ ਮੇਲਾ ਕਰਵਾਇਆ ਗਿਆ ਜਿਸ ਵਿੱਚ ਭਾਰਤ ਦੇ 28 ਸੂਬਿਆਂ ਅਤੇ 8 ਕੇਂਦਰ ਸ਼ਾਸਿਤ ਪ੍ਰਦੇਸ਼ਾਂ ਤੋਂ ਨੌਜਵਾਨਾਂ ਨੇ ਹਿੱਸਾ ਲਿਆ। ਯੁਵਕ ਸੇਵਾਵਾਂ ਵਿਭਾਗ ਪੰਜਾਬ ਦੇ ਸਹਾਇਕ ਡਾਇਰੈਕਟਰ ਕੁਲਵਿੰਦਰ ਸਿੰਘ ਅਤੇ ਰਘਬੀਰ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਦੇ 100 ਨੌਜਵਾਨਾਂ ਨੇ ਵੱਖ-ਵੱਖ ਮੁਕਾਬਲਿਆਂ ਵਿੱਚ ਹਿੱਸਾ ਲਿਆ ਗਿਆ। ਲੋਕ ਗੀਤ ਮੁਕਾਬਲੇ ਵਿੱਚ ਪੰਜਾਬ ਦੇ ਤਰਨਪ੍ਰੀਤ ਸਿੰਘ ਨੇ ਦੂਜਾ ਅਤੇ ਗਰੁੱਪ ਲੋਕ ਨਾਚ ਵਿੱਚ ਪੰਜਾਬ ਦੀ ਭੰਗੜਾ ਟੀਮ ਨੇ ਤੀਜਾ ਸਥਾਨ ਹਾਸਲ ਕੀਤਾ। ਦੂਜੇ ਸਥਾਨ ਉਤੇ ਰਹਿਣ ਵਾਲੀ ਟੀਮ ਨੂੰ ਇੱਕ ਲੱਖ ਰੁਪਏ ਨਗਦ ਇਨਾਮ ਅਤੇ ਤੀਜੇ ਸਥਾਨ ਉਤੇ ਆਈ ਟੀਮ ਨੂੰ 75 ਹਜ਼ਾਰ ਰੁਪਏ ਦੀ ਇਨਾਮ ਰਾਸ਼ੀ ਮਿਲੀ।
ਯੁਵਕ ਸੇਵਾਵਾਂ ਮੰਤਰੀ ਮੀਤ ਹੇਅਰ ਨੇ ਜੇਤੂਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਨ੍ਹਾਂ ਨੇ ਕੌਮੀ ਮੰਚ ਉਤੇ ਪੰਜਾਬ ਦਾ ਨਾਮ ਚਮਕਾਇਆ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਪੰਜਾਬ ਦੀ ਅਮੀਰ ਸੱਭਿਆਚਾਰਕ ਵਿਰਾਸਤ ਨੂੰ ਪ੍ਰਫੁੱਲਤ ਕਰਨ ਅਤੇ ਇਸ ਨੂੰ ਕਾਇਮ ਰੱਖਣ ਲਈ ਵਚਨਬੱਧ ਹੈ।ਕੌਮੀ ਮੁਕਾਬਲਿਆਂ ਵਿੱਚ ਪੰਜਾਬ ਦੀ ਇਹ ਪੁਜੀਸ਼ਨ ਸੂਬੇ ਦੀ ਨੌਜਵਾਨ ਪੀੜ੍ਹੀ ਲਈ ਪ੍ਰੇਰਨਾ ਦਾ ਸ੍ਰੋਤ ਹੈ।