ਪਟਿਆਲਾ, :– ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਦੀਆਂ ਦੁਸ਼ਮਣ ਤਾਕਤਾਂ ਨੂੰ ਮੂੰਹ ਤੋੜਵਾਂ ਜਵਾਬ ਦੇਣ ਦਾ ਅਹਿਦ ਲੈਂਦਿਆਂ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਅਮਨ-ਸ਼ਾਂਤੀ, ਫਿਰਕੂ ਸਦਭਾਵਨਾ, ਏਕਤਾ ਅਤੇ ਭਾਈਚਾਰਕ ਸਾਂਝ ਵਿੱਚ ਵਿਘਨ ਪਾਉਣ ਦੇ ਮਨਸੂਬੇ ਕਿਸੇ ਵੀ ਕੀਮਤ ’ਤੇ ਸਫਲ ਨਹੀਂ ਹੋਣ ਦਿੱਤੇ ਜਾਣਗੇ।
ਅੱਜ ਇੱਥੋਂ ਦੇ ਪੋਲੋ ਗਰਾਊਂਡ ਵਿਖੇ 76ਵੇਂ ਗਣਤੰਤਰ ਦਿਵਸ ਮੌਕੇ ਸਮਾਗਮ ਦੌਰਾਨ ਕੌਮੀ ਤਿਰੰਗਾ ਲਹਿਰਾਉਣ ਤੋਂ ਬਾਅਦ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਗੁਰੂਆਂ, ਪੀਰਾਂ-ਪੈਗੰਬਰਾਂ, ਸੰਤਾਂ-ਮਹਾਂਪੁਰਸ਼ਾਂ ਅਤੇ ਸ਼ਹੀਦਾਂ ਦੀ ਧਰਤੀ ਹੈ ਜੋ ਹਮੇਸ਼ਾ ਭਾਈਚਾਰਕ ਸਾਂਝ ਅਤੇ ਫਿਰਕੂ ਸਦਭਾਵਨਾ ਦੀਆਂ ਮਹਾਨ ਕਦਰਾਂ-ਕੀਮਤਾਂ ਲਈ ਮਾਨਵਤਾ ਦਾ ਮਾਰਗਦਰਸ਼ਨ ਕਰਦੀ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਬਹੁਤ ਘਾਲਣਾ ਘਾਲ ਕੇ ਅਮਨ-ਸ਼ਾਂਤੀ ਹਾਸਲ ਕੀਤੀ ਹੈ ਅਤੇ ਉਨ੍ਹਾਂ ਦੀ ਸਰਕਾਰ ਕਿਸੇ ਨੂੰ ਵੀ ਸ਼ਾਂਤੀ ਭੰਗ ਕਰਨ ਹਰਗਿਜ਼ ਇਜਾਜ਼ਤ ਨਹੀਂ ਦੇਵੇਗੀ।
ਭਗਵੰਤ ਸਿੰਘ ਮਾਨ ਨੇ ਇਸ ਨੇਕ ਕਾਰਜ ਲਈ ਲੋਕਾਂ ਦੇ ਸਹਿਯੋਗ ਦੀ ਮੰਗ ਕੀਤੀ ਤਾਂ ਕਿ ਸੂਬੇ ਦੀ ਸ਼ਾਂਤੀ, ਤਰੱਕੀ ਤੇ ਖੁਸ਼ਹਾਲੀ ਨੂੰ ਲੀਹੋਂ ਲਾਉਣ ਦੀ ਸਾਜ਼ਿਸ਼ ਘੜਨ ਵਾਲੇ ਦੁਸ਼ਮਣ ਨੂੰ ਠੋਕਵਾਂ ਜਵਾਬ ਦਿੱਤਾ ਜਾ ਸਕੇ। ਮੁੱਖ ਮੰਤਰੀ ਨੇ ਫੁੱਟ ਪਾਊ ਤਾਕਤਾਂ ਨੂੰ ਤਾੜਨਾ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਫਿਰਕੂ ਪਾੜਾ ਪਾਉਣ ਦੇ ਮਨਸੂਬੇ ਕਿਸੇ ਵੀ ਕੀਮਤ ਉਤੇ ਸਿਰੇ ਨਹੀਂ ਚੜ੍ਹਨ ਦਿਆਂਗੇ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਸਮਾਜਿਕ ਸਾਂਝ ਦੀਆਂ ਜੜ੍ਹਾਂ ਏਨੀਆਂ ਡੂੰਘੀਆਂ ਤੇ ਮਜ਼ਬੂਤ ਹਨ ਕਿ ਸੂਬੇ ਦੀ ਜਰਖੇਜ਼ ਜ਼ਮੀਨ ਵਿੱਚ ਕੁਝ ਵੀ ਪੈਦਾ ਕੀਤਾ ਜਾ ਸਕਦਾ ਪਰ ਇੱਥੇ ਨਫ਼ਰਤ ਦੇ ਬੀਜ ਨਹੀਂ ਪੁੰਗਰ ਸਕਦੇ।