ਚੰਡੀਗੜ੍ਹ, : – ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ. ਨੇ ਲੋਕ ਸਭਾ ਚੋਣਾਂ-2024 ਦੀਆਂ ਤਿਆਰੀਆਂ ਬਾਬਤ ਸੂਬੇ ਦੇ ਸਾਰੇ ਡਿਪਟੀ ਕਮਿਸ਼ਨਰਾਂ-ਕਮ-ਜ਼ਿਲ੍ਹਾ ਚੋਣ ਅਧਿਕਾਰੀਆਂ ਨਾਲ ਅੱਜ ਵੀਡੀਓ ਕਾਨਫਰੰਸਿੰਗ ਜ਼ਰੀਏ ਇਕ ਅਹਿਮ ਮੀਟਿੰਗ ਕੀਤੀ। ਉਨ੍ਹਾਂ ਸਾਰੇ ਡਿਪਟੀ ਕਮਿਸ਼ਨਰਾਂ ਨੂੰ “ਇਸ ਵਾਰ 70 ਪਾਰ” ਵੋਟ ਪ੍ਰਤੀਸ਼ਤ ਦਾ ਟੀਚਾ ਪ੍ਰਾਪਤ ਕਰਨ ਲਈ ਪ੍ਰੇਰਿਤ ਕੀਤਾ।
ਸਿਬਿਨ ਸੀ. ਨੇ ਕਿਹਾ ਕਿ ਸਾਰੇ ਡਿਪਟੀ ਕਮਿਸ਼ਨਰ 70 ਫੀਸਦੀ ਤੋਂ ਜ਼ਿਆਦਾ ਵੋਟਾਂ ਪਵਾਉਣ ਲਈ ਕੋਸ਼ਿਸ਼ਾਂ ਤੇਜ਼ ਕਰਨ। ਉਨ੍ਹਾਂ ਕਿਹਾ ਕਿ ਪਿਛਲੀਆਂ ਚੋਣਾਂ ਦੌਰਾਨ ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਵਿਚੋਂ ਜਿਨ੍ਹਾਂ ਇਲਾਕਿਆਂ ਵਿਚ ਵੋਟ ਪ੍ਰਤੀਸ਼ਤ ਘੱਟ ਰਹੀ ਸੀ, ਉਨ੍ਹਾਂ ਖੇਤਰਾਂ ਦੀ ਨਿਸ਼ਾਨਦੇਹੀ ਕਰਕੇ ਉੱਥੇ ਵੋਟ ਪ੍ਰਤੀਸ਼ਤ ਵਧਾਉਣ ਲਈ ਕੰਮ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਇਹ ਟੀਚਾ ਪ੍ਰਾਪਤ ਕਰਨ ਲਈ ਚੋਣ ਕਮਿਸ਼ਨ ਵੱਲੋਂ ਭੇਜੀਆਂ ਪਬਲੀਸਿਟੀ ਮੋਬਾਈਲ ਵੈੱਨਾਂ, ਜਾਗਰੂਕ ਮੁਹਿੰਮਾਂ ਅਤੇ ਹੋਰ ਸਾਧਨਾਂ ਦੀ ਮਦਦ ਲਈ ਜਾਵੇ। ਉਨ੍ਹਾਂ ਨਿਰਦੇਸ਼ ਦਿੱਤੇ ਕਿ ਵੋਟ ਪ੍ਰਤੀਸ਼ਤਤਾ ਵਧਾਉਣ ਲਈ ਗਤੀਵਿਧੀਆਂ ਹੋਰ ਤੇਜ਼ ਕੀਤੀਆਂ ਜਾਣ। ਲੋਕਾਂ ਨੂੰ ਵੱਧ ਤੋਂ ਵੱਧ ਵੋਟ ਅਧਿਕਾਰ ਦੀ ਵਰਤੋਂ ਕਰਨ ਲਈ ਪ੍ਰੇਰਿਤ ਕੀਤਾ ਜਾਵੇ।
ਉਨ੍ਹਾਂ ਅੱਗੇ ਕਿਹਾ ਕਿ ਚੋਣਾਂ ਵਾਲੇ ਦਿਨਾਂ ਵਿਚ ਪ੍ਰਾਪਤ ਹੋਈ ਕਿਸੇ ਵੀ ਪ੍ਰਕਾਰ ਦੀ ਸ਼ਿਕਾਇਤ ਦਾ ਨਿਪਟਾਰਾ ਭਾਰਤੀ ਚੋਣ ਕਮਿਸ਼ਨ ਵੱਲੋਂ ਨਿਰਧਾਰਿਤ ਸਮਾਂ ਸੀਮਾ ਅੰਦਰ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਸਾਰੇ ਜ਼ਿਲ੍ਹੇ ਸਮੇਂ-ਸਮੇਂ ‘ਤੇ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗਾਂ ਕਰਦੇ ਰਹਿਣ ਅਤੇ ਉਨ੍ਹਾਂ ਨੂੰ ਚੋਣ ਕਮਿਸ਼ਨ ਦੇ ਨਿਯਮਾਂ ਅਤੇ ਹਦਾਇਤਾਂ ਬਾਰੇ ਜਾਣੂੰ ਕਰਵਾਉਣ, ਇਸ ਨਾਲ ਸ਼ਿਕਾਇਤਾਂ ਵਿਚ ਕਮੀ ਆਵੇਗੀ।
ਮੁੱਖ ਚੋਣ ਅਧਿਕਾਰੀ ਨੇ ਡਿਪਟੀ ਕਮਿਸ਼ਨਰਾਂ ਨੂੰ ਕਿਹਾ ਕਿ ਜ਼ਿਲ੍ਹੇ ਦੇ ਅਹਿਮ ਲੋਕਾਂ ਦੀਆਂ ਵੋਟਾਂ ਚੈੱਕ ਕਰ ਲਈਆਂ ਜਾਣ ਕਿ ਵੋਟਾਂ ਬਣੀਆਂ ਹੋਈਆਂ ਹਨ ਜਾਂ ਨਹੀਂ ਤਾਂ ਜੋ ਚੋਣ ਪ੍ਰਕਿਰਿਆ ਦੌਰਾਨ ਇਸ ਬਾਬਤ ਕੋਈ ਦਿੱਕਤ ਨਾ ਆਵੇ। ਉਨ੍ਹਾਂ ਦੱਸਿਆ ਕਿ ਚੋਣਾਂ ਨੂੰ ਸੁਚਾਰੂ ਢੰਗ ਨਾਲ ਨੇਪਰੇ ਚੜ੍ਹਾਉਣ ਲਈ 12 ਤੋਂ 16 ਫਰਵਰੀ ਤੱਕ ਪੰਜਾਬ ਦੇ ਸਾਰੇ 117 ਵਿਧਾਨ ਸਭਾ ਹਲਕਿਆਂ ਦੇ ਸਹਾਇਕ ਰਿਟਰਨਿੰਗ ਅਧਿਕਾਰੀਆਂ (ਏਆਰਓ) ਦੀ ਚੰਡੀਗੜ੍ਹ ਅਤੇ ਅੰਮ੍ਰਿਤਸਰ ਵਿਖੇ ਸਿਖਲਾਈ ਕਰਵਾਈ ਗਈ ਹੈ।
ਸਿਬਿਨ ਸੀ. ਨੇ ਸਾਰੇ ਡਿਪਟੀ ਕਮਿਸ਼ਨਰਾਂ-ਕਮ-ਜ਼ਿਲ੍ਹਾ ਚੋਣ ਅਧਿਕਾਰੀਆਂ ਨੂੰ ਲੋਕ ਸਭਾ ਚੋਣਾਂ-2024 ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਨੇਪਰੇ ਚੜ੍ਹਾਉਣ ਲਈ ਵੀ ਪ੍ਰੇਰਿਤ ਕੀਤਾ। ਉਨ੍ਹਾਂ ਚੋਣਾਂ ਨਾਲ ਸਬੰਧਤ ਸਾਰੇ ਪਹਿਲੂਆਂ ਦੀ ਸਮੀਖਿਆ ਕੀਤੀ ਅਤੇ ਡੀਸੀਜ਼ ਤੋਂ ਉਨ੍ਹਾਂ ਦੀ ਫੀਡਬੈਕ ਲਈ ਅਤੇ ਵਿਚਾਰ ਜਾਣੇ। ਬਹੁਤੇ ਡਿਪਟੀ ਕਮਿਸ਼ਨਰਾਂ ਨੇ ਚੋਣ ਤਿਆਰੀਆਂ ਮੁਕੰਮਲ ਹੋਣ ਦੀ ਗੱਲ ਕਹੀ ਅਤੇ ਜਿਨ੍ਹਾਂ ਜ਼ਿਲ੍ਹਿਆਂ ਵਿਚ ਥੋੜ੍ਹੀ ਕਮੀ-ਪੇਸ਼ੀ ਹੈ ਉਨ੍ਹਾਂ ਜਲਦ ਇਸ ਨੂੰ ਦੂਰ ਕਰਨ ਦਾ ਭਰੋਸਾ ਦਿੱਤਾ।
ਮੀਟਿੰਗ ਦੌਰਾਨ ਵਧੀਕ ਮੁੱਖ ਚੋਣ ਅਧਿਕਾਰੀ ਅਭਿਜੀਤ ਕਪਲਿਸ਼ ਅਤੇ ਸੀਈਓ ਦਫਤਰ ਦੇ ਹੋਰ ਉੱਚ ਅਧਿਕਾਰੀ ਹਾਜ਼ਰ ਸਨ।