ਮੋਹਾਲੀ : ‘ਆਮ ਆਦਮੀ ਪਾਰਟੀ’ ਵਲੋਂ ਵੀਰਵਾਰ ਨੂੰ ਜਾਰੀ ਕੀਤੀ ਗਈ ਉਮੀਦਵਾਰਾਂ ਦੀ ਪਹਿਲੀ ਲਿਸਟ ਸਾਹਮਣੇ ਆਉਣ ਤੋਂ ਬਾਅਦ ਪਾਰਟੀ ਦੀ ਪੰਜਾਬ ਇਕਾਈ ਦੇ ਕਨਵੀਨਰ ਸੁੱਚਾ ਸਿੰਘ ਛੋਟੇਪੁਰ ਨੇ ਖੁੱਲ੍ਹ ਕੇ ਆਪਣੀ ਨਾਰਾਜ਼ਗੀ ਜ਼ਾਹਰ ਕੀਤੀ ਹੈ। ਮੋਹਾਲੀ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਸੁੱਚਾ ਸਿੰਘ ਛੋਟੇਪੁਰ ਨੇ ਕਿਹਾ ਕਿ ‘ਆਮ ਆਦਮੀ ਪਾਰਟੀ’ ਦੀ ਪਹਿਲੀ ਸੂਚੀ ਦਿੱਲੀ ਤੋਂ ਜਾਰੀ ਹੋਈ ਹੈ, ਜਿਸ ‘ਚ ਪੰਜਾਬ ਦੇ ਵਰਕਰਾਂ ਦੀ ਅਣਦੇਖੀ ਕੀਤੀ ਗਈ ਹੈ ਪਰ ਇਸ ਦੇ ਬਾਵਜੂਦ ਉਹ ਪਾਰਟੀ ਨਹੀਂ ਛੱਡਣਗੇ। ਇਸ ਦੇ ਨਾਲ ਹੀ ਉਨ੍ਹਾਂ ਇਹ ਵੀ ਕਿਹਾ ਕਿ ਜੇਕਰ ਪਾਰਟੀ ਚਾਹੇ ਤਾਂ ਉਨ੍ਹਾਂ ਨੂੰ ਕੱਢ ਸਕਦੀ ਹੈ।
ਜ਼ਿਕਰਯੋਗ ਹੈ ਕਿ ‘ਆਮ ਆਦਮੀ ਪਾਰਟੀ’ ਨੇ ਇਕ ਪ੍ਰੈੱਸ ਕਾਨਫਰੰਸ ਦੌਰਾਨ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ 19 ਉਮੀਦਵਾਰਾਂ ਦੀ ਪਹਿਲੀ ਸੂਚੀ ਵੀਰਵਾਰ ਨੂੰ ਜਾਰੀ ਕੀਤੀ ਗਈ ਸੀ ਪਰ ਇਸ ਕਾਨਫਰੰਸ ‘ਚ ਸੁੱਚਾ ਸਿੰਘ ਛੋਟੇਪੁਰ ਸ਼ਾਮਲ ਨਹੀਂ ਹੋਏ ਸਨ, ਜਿਸ ਤੋਂ ਬਾਅਦ ਉਨ੍ਹਾਂ ਦੇ ਅਸਤੀਫੇ ਦੀ ਅਫਵਾਹ ਉੱਡ ਗਈ ਪਰ ਇਸ ਦੇ ਜਲਦ ਬਾਅਦ ਹੀ ਸੁੱਚਾ ਸਿੰਘ ਛੋਟੇਪੁਰ ਨੇ ਸੋਸ਼ਲ ਮੀਡੀਆ ‘ਤੇ ਲਿਖਿਆ ਕਿ ਉਨ੍ਹਾਂ ਨੇ ਅਸਤੀਫਾ ਨਹੀਂ ਦਿੱਤਾ, ਹਾਲਾਂਕਿ ਇਹ ਸਾਫ ਨਹੀਂ ਹੋ ਸਕਿਆ ਸੀ ਕਿ ਪੇਜ ਖੁਦ ਛੋਟੇਪੁਰ ਵਲੋਂ ਅਪਡੇਟ ਕੀਤਾ ਗਿਆ ਹੈ ਜਾਂ ਨਹੀਂ। ਇਸ ਸਭ ਦੇ ਬਾਅਦ ਆਖਰ ਸ਼ੁੱਕਰਵਾਰ ਨੂੰ ਛੋਟੇਪੁਰ ਦੀ ਪਾਰਟੀ ਪ੍ਰਤੀ ਨਾਰਾਜ਼ਗੀ ਸਾਹਮਣੇ ਆ ਹੀ ਗਈ ਹੈ, ਹਾਲਾਂਕਿ ਉਨ੍ਹਾਂ ਨੇ ਪਾਰਟੀ ਛੱਡਣ ਦੀ ਤਾਂ ਕੋਈ ਗੱਲ ਨਹੀਂ ਕੀਤੀ ਹੈ ਪਰ ਇਸ ਦੇ ਨਾਲ ਉਨ੍ਹਾਂ ਨੂੰ ਕੱਢਣ ਦਾ ਫੈਸਲਾ ਉਨ੍ਹਾਂ ਨੇ ਪਾਰਟੀ ‘ਤੇ ਹੀ ਛੱਡ ਦਿੱਤਾ ਹੈ।