ਮੋਹਾਲੀ, – ਕਿਸਾਨਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਵਿੱਚ ਮੁੱਖ ਮੰਤਰੀ ਪੰਜਾਬ ਦੀ ਰਿਹਾਇਸ਼ ਵਿਖੇ ਪੱਕਾ ਮੋਰਚਾ ਲਗਾਉਣ ਲਈ ਜਾ ਰਹੀਆਂ ਵੱਖ ਵੱਖ ਕਿਸਾਨ ਜਥੇਬੰਦੀਆਂ ਨੂੰ ਰੋਕਣ ਦੇ ਲਈ ਅੱਜ ਮੋਹਾਲੀ ਅਤੇ ਚੰਡੀਗੜ੍ਹ ਪੁਲਿਸ ਵੱਲੋਂ ਸਖਤ ਬੈਰੀਕੇਡਿੰਗ ਕੀਤੀ ਗਈ। ਕਿਸਾਨ ਜਥੇਬੰਦੀਆਂ ਦੀ ਅਗਵਾਈ ਵਿੱਚ ਚੰਡੀਗੜ੍ਹ ਵੱਲ ਵਧ ਰਹੇ ਕਿਸਾਨ ਮੋਹਾਲੀ ਪੁਲਿਸ ਵੱਲੋਂ ਲਗਾਏ ਪਹਿਲੇ ਬੈਰੀਕੇਡ ਨੂੰ ਤੋੜ ਕੇ ਅੱਗੇ ਨਿਕਲ ਗਏ। ਇਸ ਦੌਰਾਨ ਕਿਸਾਨ ਆਗੂ ਨੌਜਵਾਨਾਂ ਨੂੰ ਇਹ ਵੀ ਕਹਿੰਦੇ ਸੁਣੇ ਗਏ ਕਿ ਤੁਸੀਂ ਆਗੂਆਂ ਦੇ ਮੁਤਾਬਕ ਚੱਲੋਂ ਅਜੇ ਅੱਗੇ ਨਹੀਂ ਵੱਧਣਾ, ਪ੍ਰੰਤੂ ਨੌਜਵਾਨਾਂ ਨੇ ਪਹਿਲਾ ਬੈਰੀਕੇਡ ਤੋੜ ਦਿੱਤਾ ਅਤੇ ਅੱਗੇ ਵੱਧ ਗਏ।
ਜ਼ਿਕਰਯੋਗ ਹੈ ਕਿ ਅੱਜ ਸਵੇਰੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕਿਸਾਨਾਂ ਜਥੇਬੰਦੀਆਂ ਦੀ ਮੀਟਿੰਗ ਬੁਲਾਈ ਗਈ ਸੀ, ਜੋ ਮੁੱਖ ਮੰਤਰੀ ਦੇ ਦਿੱਲੀ ਚਲੇ ਜਾਣ ਕਾਰਨ ਨਹੀਂ ਹੋ ਸਕੀ, ਜਿਸ ਤੋਂ ਬਾਅਦ ਕਿਸਾਨਾਂ ਵਿੱਚ ਰੋਸ ਹੋਰ ਵੱਧ ਗਿਆ। ਕਿਸਾਨ ਜਥੇਬੰਦੀਆਂ ਵੱਲੋਂ ਪਹਿਲਾਂ ਹੀ ਕੀਤੇ ਗਏ ਐਲਾਨ ਮੁਤਾਬਕ ਜਿੱਥੇ ਪੁਲਿਸ ਨੇ ਉਨ੍ਹਾਂ ਨੂੰ ਰੋਕਿਆ, ਕਿਸਾਨਾਂ ਨੇ ਉਥੇ ਹੀ ਪੱਕਾ ਮੋਰਚਾ ਲਾ ਦਿੱਤਾ। ਧਰਨੇ ਵਿਚ ਆਏ ਕਿਸਾਨ ਆਪਣੇ ਨਾਲ ਰਾਸ਼ਨ, ਪਾਣੀ, ਗੈਸ, ਫਰਿੱਜ, ਕੂਲਰ, ਮੰਜੇ ਅਤੇ ਹੋਰ ਲੋੜੀਂਦਾ ਸਾਮਾਨ ਵੀ ਲੈਕੇ ਪਹੁੰਚੇ ਹੋਏ ਸਨ।
ਮੁੱਖ ਮੰਤਰੀ ਨਾਲ ਗੱਲ ਕਰਨ ਦੀ ਇੱਛਾ ਪ੍ਰਗਟ ਕਰਦੇ ਕਿਸਾਨਾਂ ਨੇ ਕਿਹਾ ਕਿ ਉਨ੍ਹਾਂ ਦਾ ਪੱਕਾ ਮੋਰਚਾ ਉਦੋਂ ਤੱਕ ਜਾਰੀ ਰਹੇਗਾ, ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨੀਆਂ ਜਾਂਦੀਆਂ। ਉਨ੍ਹਾਂ ਦਾ ਕਹਿਣਾ ਹੈ ਕਿ ਉਹ ਦਿੱਲੀ ਵਾਂਗ ਚੰਡੀਗੜ੍ਹ ਤੋਂ ਵੀ ਮੰਗਾਂ ਮੰਨਵਾ ਕੇ ਹੀ ਮੁੜਾਂਗੇ।
ਉਧਰ, ਦੇਰ ਸ਼ਾਮ ਨੂੰ ਪ੍ਰਾਪਤ ਜਾਣਕਾਰੀ ਤੋਂ ਪਤਾ ਲੱਗਾ ਹੈ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨੇ ਕਿਹਾ ਹੈ ਕਿ ਉਹ ਕਿਸਾਨ ਜਥੇਬੰਦੀਆਂ ਨਾਲ ਗੱਲਬਾਤ ਕਰਨ ਲਈ ਤਿਆਰ ਹਨ। ਹੁਣ ਦੇਖਣਾ ਹੈ ਕਿ ਕੱਲ੍ਹ ਸਵੇਰੇ ਸਰਕਾਰ ਅਤੇ ਕਿਸਾਨਾਂ ਦਰਮਿਆਨ ਕੀ ਫੈਸਲਾ ਹੁੰਦਾ ਹੈ।