ਪਟਿਆਲਾ : ਪੰਜਾਬ ਸਰਕਾਰ ਵੱਲੋਂ ਪਿੰਡਾਂ ਦਾ ਵਿਕਾਸ ਪਹਿਲ ਦੇ ਆਧਾਰ ‘ਤੇ ਕੀਤਾ ਜਾ ਰਿਹਾ ਹੈ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਅੱਜ ਇੱਥੇ ਪੰਜਾਬ ਦੇ ਜਲ ਸਪਲਾਈ ਸੈਨੀਟੇਸ਼ਨ ਅਤੇ ਉਚੇਰੀ ਸਿਖਿਆ ਮੰਤਰੀ ਸ: ਸੁਰਜੀਤ ਸਿੰਘ ਰੱਖੜਾ ਨੇ ਇਸੇ ਲੜੀ ਤਹਿਤ ਸਮਾਣਾ ਸਬ ਡਵੀਜ਼ਨ ਦੇ 7 ਪਿੰਡਾਂ ਖੇੜੀ ਫੱਤਣ, ਬਾਦਸ਼ਾਹ ਕਾਲੇਕੀ, ਬਿਜਲਪੁਰ, ਢੈਂਠਲ, ਨੱਸੂਪੁਰ, ਚੁਪਕੀ ਅਸਰਪੁਰ ਅਤੇ ਅਸਰਪੁਰ ਪਿੰਡਾਂ ‘ਚ ਵੱਖ-ਵੱਖ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖਣ ਅਤੇ ਉਦਘਾਟਨੀ ਸਮਾਰੋਹਾਂ ਦੌਰਾਨ ਕੀਤਾ। ਇਸ ਮੌਕੇ ਕੈਬਿਨਟ ਮੰਤਰੀ ਸ: ਰੱਖੜਾ ਨੇ ਪਿੰਡਾਂ ਵਿਚ ਗਲੀਆਂ, ਨਾਲੀਆਂ, ਅਤੇ ਸੜਕਾਂ ਦਾ ਉਦਘਾਟਨ ਅਤੇ ਵਿਕਾਸ ਕੰਮਾਂ ਦੇ ਨੀਂਹ ਪੱਥਰ ਰੱਖੇ। ਇਸ ਮੌਕੇ ਮਾਈ ਭਾਗੋ ਸਕੀਮ ਤਹਿਤ ਪਿੰਡ ਬਾਦਸ਼ਾਹਪੁਰ ਵਿਖੇ ਸਕੂਲ ਦੀਆਂ ਲੜਕੀਆਂ ਨੂੰ ਸਾਈਕਲ ਵੀ ਵੰਡੇ।
ਇਹਨਾਂ ਪਿੰਡਾਂ ਵਿੱਚ ਵੱਖ-ਵੱਖ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖਣ ਮੌਕੇ ਉਹਨਾਂ ਦੱਸਿਆ ਕਿ ਇਹਨਾਂ 7 ਪਿੰਡਾਂ ਨੂੰ ਕਰੀਬ 63 ਲੱਖ ਰੁਪਏ ਦੀ ਰਾਸ਼ੀ ਜਾਰੀ ਕਰ ਦਿੱਤੀ ਗਈ ਹੈ। ਸ: ਰੱਖੜਾ ਨੇ ਦੱਸਿਆ ਕਿ ਸਮਾਣਾ ਹਲਕੇ ਦੇ ਪਿੰਡਾਂ ਨੂੰ ਵਿਕਾਸ ਕਾਰਜਾਂ ਲਈ 17 ਕਰੋੜ ਰੁਪਏ ਜਾਰੀ ਕੀਤੇ ਜਾਣਗੇ। ਉਹਨਾਂ ਦੱਸਿਆ ਕਿ ਮੁੱਖ ਮੰਤਰੀ ਸ: ਪਰਕਾਸ਼ ਸਿੰਘ ਬਾਦਲ ਦੀ ਅਗਵਾਈ ਵਾਲੀ ਰਾਜ ਸਰਕਾਰ ਨੇ ਪਿੰਡਾਂ ਦੇ ਲੋਕਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਅਹਿਮ ਉਪਰਾਲੇ ਕੀਤੇ ਹਨ। ਜਿਸ ਤਹਿਤ ਆਟਾ ਦਾਲ ਸਕੀਮ, ਪੈਨਸ਼ਨ ਸਕੀਮ, ਮੁਫ਼ਤ ਬੀਮਾ ਯੋਜਨਾ, ਖੇਤੀਬਾੜੀ ਲਈ ਮੁਫ਼ਤ ਬਿਜਲੀ, ਗਰੀਬਾਂ ਲਈ 200 ਯੂਨਿਟ ਮੁਆਫ, ਸ਼ਗਨ ਸਕੀਮ, ਲੋਕਾਂ ਲਈ ਬਿਹਤਰ ਸਿਹਤ ਤੇ ਸਿਖਿਆ ਸਹੂਲਤਾਂ ਮੁਹੱਈਆ ਕਰਵਾਈਆਂ ਗਈਆਂ ਹਨ। ਉਹਨਾਂ ਦੱਸਿਆ ਕਿ ਰਾਜ ਸਰਕਾਰ ਵੱਲੋਂ ਦਿਹਾਤੀ ਖੇਤਰਾਂ ਦੀ ਨੁਹਾਰ ਬਦਲੀ ਜਾਵੇਗੀ। ਉਹਨਾਂ ਦੱਸਿਆ ਕਿ ਰਾਜ ਸਰਕਾਰ ਵੱਲੋਂ ਬਿਹਤਰ ਆਵਾਜਾਈ ਸਹੂਲਤ ਲਈ ਰਾਜ ਦੇ ਮੁਖ ਸੜਕੀ ਮਾਰਗਾਂ ਨੂੰ ਚਹੁੰ ਮਾਰਗੀ ਕੀਤਾ ਜਾ ਰਿਹਾ ਹੈ। ਜਦ ਕਿ ਬਾਕੀ ਸਾਰੀਆਂ ਸ਼ਹਿਰੀ ਤੇ ਪੇਂਡੂ ਸੜਕਾਂ ਵੀ ਬਣਾਈਆਂ ਜਾ ਰਹੀਆਂ ਹਨ।
ਇਹਨਾਂ 7 ਪਿੰਡਾਂ ਦੇ ਦੌਰੇ ਮੌਕੇ ਸ: ਰੱਖੜਾ ਦੇ ਨਾਲ, ਮਾਰਕੀਟ ਕਮੇਟੀ ਸਮਾਣਾ ਦੇ ਚੇਅਰਮੈਨ ਸ: ਬਲਵਿੰਦਰ ਸਿੰਘ, ਐਸ.ਡੀ.ਐਮ. ਸਮਾਣਾ ਸ਼੍ਰੀ ਅਮਰੇਸ਼ਵਰ ਸਿੰਘ, ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਸ਼੍ਰੀਮਤੀ ਕੁਲਵੰਤ ਕੌਰ, ਵੱਖ-ਵੱਖ ਪਿੰਡਾਂ ਦੇ ਸਰਪੰਚ ਅਤੇ ਪਤਵੰਤੇ ਵੀ ਹਾਜ਼ਰ ਸਨ।