Home Current Affairs ਲੋਕ ਸਭਾ ਮੈਂਬਰ ਪ੍ਰਨੀਤ ਕੌਰ ਵੱਲੋਂ ਨਾਭਾ ਨਗਰ ਕੌਂਸਲ ਚੋਣਾਂ ਲਈ ਕਾਂਗਰਸੀ...

ਲੋਕ ਸਭਾ ਮੈਂਬਰ ਪ੍ਰਨੀਤ ਕੌਰ ਵੱਲੋਂ ਨਾਭਾ ਨਗਰ ਕੌਂਸਲ ਚੋਣਾਂ ਲਈ ਕਾਂਗਰਸੀ ਉਮੀਦਵਾਰਾਂ ਦੇ ਹੱਕ ‘ਚ ਚੋਣ ਪ੍ਰਚਾਰ

0

ਨਾਭਾ, : ਪਟਿਆਲਾ ਤੋਂ ਲੋਕ ਸਭਾ ਮੈਂਬਰ ਸ੍ਰੀਮਤੀ ਪ੍ਰਨੀਤ ਕੌਰ ਨੇ ਅੱਜ ਨਾਭਾ ਵਿਖੇ ਨਗਰ ਕੌਂਸਲ ਚੋਣਾਂ ਲਈ ਕਾਂਗਰਸ ਪਾਰਟੀ ਦੇ ਉਮੀਦਵਾਰਾਂ ਦੇ ਹੱਕ ‘ਚ ਚੋਣ ਪ੍ਰਚਾਰ ਕੀਤਾ। ਇਸ ਮੌਕੇ ਪੰਜਾਬ ਦੇ ਕੈਬਨਿਟ ਮੰਤਰੀ ਸ. ਸਾਧੂ ਸਿੰਘ ਧਰਮਸੋਤ ਵੀ ਉਨ੍ਹਾਂ ਦੇ ਨਾਲ ਸਨ। ਇਸ ਦੌਰਾਨ ਉਨ੍ਹਾਂ ਨੇ ਨਾਭਾ ਸ਼ਹਿਰ ‘ਚ ਚਾਰ ਥਾਵਾਂ ਪਟਿਆਲਾ ਗੇਟ, ਦੇਵੀ ਮੰਦਿਰ ਚੌਂਕ, ਬੌੜਾਂ ਗੇਟ ਅਤੇ ਮੈਹਸ ਗੇਟ ਵਿਖੇ ਚੋਣ ਰੈਲੀਆਂ ਨੂੰ ਸੰਬੋਧਨ ਕੀਤਾ ਅਤੇ ਸ਼ਿਵ ਸ਼ਕਤੀ ਚੌਂਕ ਵਿਖੇ ਦੇਵੀ ਮੰਦਿਰ ਵਿਖੇ ਮੱਥਾ ਵੀ ਟੇਕਿਆ।
ਇਸ ਦੌਰਾਨ ਸ੍ਰੀਮਤੀ ਪ੍ਰਨੀਤ ਕੌਰ ਨੇ ਆਪਣੇ ਸੰਬੋਧਨ ‘ਚ ਕਿਹਾ ਕਿ ਪੰਜਾਬ ਸਰਕਾਰ ਨੇ ਝੁੱਗੀ ਝੋਪੜੀਆਂ ‘ਚ ਰਹਿਣ ਵਾਲੇ ਗਰੀਬ ਲੋਕਾਂ ਦੀ ਬਾਂਹ ਫੜਕੇ ਉਨ੍ਹਾਂ ਨੂੰ ਜਮੀਨਾਂ ਦੇ ਮਾਲਕਾਨਾ ਹੱਕ ਦੇ ਕੇ ਪੱਕੇ ਰਹਿਣ ਬਸੇਰੇ ਪ੍ਰਦਾਨ ਕਰਨ ਦਾ ਇਤਿਹਾਸਕ ਫੈਸਲਾ ਕੀਤਾ, ਜਿਸ ਦਾ ਗਰੀਬ ਤੇ ਲੋੜਵੰਦ ਲੋਕਾਂ ਨੂੰ ਬਹੁਤ ਵੱਡਾ ਫਾਇਦਾ ਹੋਵੇਗਾ।
ਸੰਸਦ ਮੈਂਬਰ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮਹਿਲਾਵਾਂ ਨੂੰ ਇਨ੍ਹਾਂ ਚੋਣਾਂ ‘ਚ 50 ਫੀਸਦੀ ਰਾਖਵਾਂ ਕਰਨ ਦੇਕੇ ਅੱਗੇ ਵਧਣ ਦਾ ਮੌਕਾ ਦਿੱਤਾ ਤਾਂ ਕਿ ਉਹ ਵੀ ਆਪਣੇ ਇਲਾਕੇ ਦੇ ਵਿਕਾਸ ‘ਚ ਯੋਗਦਾਨ ਪਾ ਸਕਣ। ਉਨ੍ਹਾਂ ਕਿਹਾ ਕਿ ਮਹਿਲਾਵਾਂ ਆਪਣੇ ਇਲਾਕੇ ਦੇ ਲੋਕਾਂ ਦੀਆਂ ਮੁਸ਼ਕਿਲਾਂ ਬਾਰੇ ਚੰਗੀ ਤਰ੍ਹਾਂ ਜਾਣਦੀਆਂ ਹਨ, ਇਸ ਲਈ ਮਹਿਲਾਵਾਂ ਅਤੇ ਮਰਦਾਂ ਨੂੰ ਮਿਲਕੇ ਆਪਣੇ ਇਲਾਕੇ ਦੇ ਵਿਕਾਸ ਲਈ ਹੰਭਲਾ ਮਾਰਨਾ ਚੰਗੀ ਗੱਲ ਹੈ।
ਸ੍ਰੀਮਤੀ ਪ੍ਰਨੀਤ ਕੌਰ ਨੇ ਇੱਕ ਪਾਸੇ ਪੰਜਾਬ ਸਰਕਾਰ ਲੋਕਾਂ ਦੀ ਬਾਂਹ ਫੜ ਰਹੀ ਹੈ ਪਰੰਤੂ  ਬਹੁਤ ਅਫ਼ਸੋਸ ਦੀ ਗੱਲ ਹੈ ਕਿ ਕੇਂਦਰ ਦੀ ਮੋਦੀ ਸਰਕਾਰ ਨੇ ਸੰਸਦ ਮੈਂਬਰਾਂ ਤੋਂ ਐਮ.ਪੀ. ਲੈਡ ਫੰਡ ਵੀ ਖੋਹ ਕੇ ਲੋਕਾਂ ਨੂੰ ਵਿਕਾਸ ਤੋਂ ਵਾਂਝੇ ਕਰ ਦਿੱਤਾ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਇਸ ਮੁੱਦੇ ‘ਤੇ ਮੋਦੀ ਸਰਕਾਰ ਤੋਂ ਜਵਾਬ ਵੀ ਮੰਗਿਆ ਸੀ ਪਰੰਤੂ ਕੇਂਦਰ ਸਰਕਾਰ ਨੇ ਕੋਈ ਜਵਾਬ ਨਹੀਂ ਦਿੱਤਾ ਅਤੇ ਇਹ ਮੁੱਦਾ ਉਹ ਸੰਸਦ ‘ਚ ਵੀ ਉਠਾਉਣਗੇ।
ਸ੍ਰੀਮਤੀ ਪ੍ਰਨੀਤ ਕੌਰ ਨੇ ਹੋਰ ਕਿਹਾ ਕਿ ਕਿਸਾਨਾਂ ਦੇ ਮੁੱਦੇ ਨਾਲ ਪੰਜਾਬ ਦਾ ਘਰ-ਘਰ ਜੁੜਿਆ ਹੋਇਆ ਹੈ ਅਤੇ ਕਾਂਗਰਸ ਨੇ ਕੇਂਦਰ ਦੀ ਮੋਦੀ ਸਰਕਾਰ ਨੂੰ ਪੂਰੀ ਤਰ੍ਹਾਂ ਘੇਰਿਆ ਹੋਇਆ ਹੈ ਤਾਂ ਕਿ ਕਿਸਾਨ ਵਿਰੋਧੀ ਕਾਲੇ ਕਾਨੂੰਨ ਤੁਰੰਤ ਮਨਸੂਖ ਕੀਤੇ ਜਾਣ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਅੱਜ ਪੂਰੇ ਵਿਸ਼ਵ ਭਰ ‘ਚ ਭਾਰਤ ਸਰਕਾਰ ਦੀ ਕਿਰਕਿਰੀ ਹੋ ਰਹੀ ਹੈ ਅਤੇ ਪੰਜਾਬ ਸਮੇਤ ਦੇਸ਼ ਦਾ ਬੱਚਾ-ਬੱਚਾ ਕਿਸਾਨਾਂ ਦੇ ਹੱਕ ‘ਚ ਖੜ੍ਹਾ ਹੋਇਆ, ਇਸ ਲਈ ਕੇਂਦਰ ਸਰਕਾਰ ਨੂੰ ਕਿਸਾਨ ਵਿਰੋਧੀ ਕਾਨੂੰਨ ਵਾਪਸ ਲੈਣੈ ਹੀ ਪੈਣਗੇ।
ਇਸ ਮੌਕੇ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਸ. ਸਾਧੂ ਸਿੰਘ ਧਰਮਸੋਤ ਨੇ ਜੋ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਜੋ ਕਿਹਾ ਉਹ ਕਰਕੇ ਦਿਖਾਇਆ ਹੈ। ਸ. ਧਰਮਸੋਤ ਨੇ ਦੱਸਿਆ ਕਿ ਨਾਭਾ ਸ਼ਹਿਰ ਲਈ ਮੁੱਖ ਮੰਤਰੀ ਨੇ ਖ਼ਜ਼ਾਨੇ ਦਾ ਮੂੰਹ ਖੋਲ੍ਹ ਦਿੱਤਾ ਹੈ, ਕਿਉਂਕਿ ਪਿਛਲੀ ਅਕਾਲੀ ਭਾਜਪਾ ਸਰਕਾਰ ਨੇ ਨਾਭੇ ਨਾਲ ਮਤਰੇਈ ਮਾਂ ਵਾਲਾ ਸਲੂਕ ਕੀਤਾ, ਇਸ ਲਈ ਹੁਣ ਇੱਥੇ ਪੜਾਅਵਾਰ ਸਾਰੇ ਬਕਾਇਆ ਕੰਮ ਪੂਰੇ ਕਰਵਾਏ ਜਾ ਰਹੇ ਹਨ।
ਇਸ ਮੌਕੇ ਕਾਂਗਰਸ ਪਾਰਟੀ ਦੇ ਉਮੀਦਵਾਰਾਂ ਨੇ ਲੋਕਾਂ ਨੂੰ ਭਰੋਸਾ ਦਿੱਤਾ ਕਿ ਉਹ ਜਿੱਤ ਕੇ ਆਪਣੇ ਵਾਰਡਾਂ ਦੀਆਂ ਲੋਕਾਂ ਦੀਆਂ ਉਮੀਦਾਂ ‘ਤੇ ਪੂਰੀ ਤਰ੍ਹਾਂ ਖਰੇ ਉਤਰਨਗੇ। ਜਦੋਂਕਿ ਸਥਾਨਕ ਲੋਕਾਂ ਨੇ ਵਿਸ਼ਵਾਸ਼ ਦੁਆਇਆ ਕਿ ਉਹ ਕਾਂਗਰਸ ਪਾਰਟੀ ਦੇ ਉਮੀਦਵਾਰਾਂ ਨੂੰ ਭਾਰੀ ਬਹੁਮਤ ਨਾਲ ਜਿਤਾਉਣਗੇ।
ਇਸ ਮੌਕੇ ਪੰਜਾਬ ਸਮਾਜ ਭਲਾਈ ਬੋਰਡ ਦੇ ਚੇਅਰਪਰਸਨ ਤੇ ਅਬਜਰਵਰ ਗੁਰਸ਼ਰਨ ਕੌਰ ਰੰਧਾਵਾ, ਜਸਵਿੰਦਰ ਸਿੰਘ ਰੰਧਾਵਾ, ਪ੍ਰਚਾਰ ਕਮੇਟੀ ਚੇਅਰਮੈਨ ਵੇਦ ਪ੍ਰਕਾਸ਼ ਡੱਲਾ, ਨਿਜੀ ਸਕੱਤਰ ਬਲਵਿੰਦਰ ਸਿੰਘ, ਚੇਅਰਮੈਨ ਜਗਜੀਤ ਸਿੰਘ ਦੁਲੱਦੀ, ਪਰਮਜੀਤ ਸਿੰਘ ਖੱਟੜਾ, ਇਛਿਆਮਾਨ ਸਿੰਘ ਭੋਜੋਮਾਜਰੀ, ਬਲਵਿੰਦਰ ਸਿੰਘ ਢੀਂਗੀ, ਰਜਨੀਸ਼ ਮਿੱਤਲ ਸ਼ੈਂਟੀ ਅਤੇ ਵੱਡੀ ਗਿਣਤੀ ਕਾਂਗਰਸ ਪਾਰਟੀ ਦੇ ਹੋਰ ਆਗੂ ਅਤੇ ਵਰਕਰ ਮੌਜੂਦ ਸਨ।

Exit mobile version