ਚੰਡੀਗੜ੍ਹ,: ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਜੇ.ਈ.-ਕਮ-ਮਾਇਨਿੰਗ ਇੰਸਪੈਕਟਰ ਨੂੰ 30,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।
ਅੱਜ ਇੱਥੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਜਲ ਸਰੋਤ ਵਿਭਾਗ, ਪਟਿਆਲਾ ਵਿੱਚ ਤਾਇਨਾਤ ਜਸਪਾਲ ਸਿੰਘ ਜੇ.ਈ.-ਕਮ-ਮਾਈਨਿੰਗ ਇੰਸਪੈਕਟਰ ਨੂੰ ਵਿਜੀਲੈਂਸ ਟੀਮ ਨੇ ਮਾਨਸਾ ਸ਼ਹਿਰ ਦੇ ਸ਼ਿਕਾਇਤਕਰਤਾ ਦੀਪ ਕੁਮਾਰ ਤੋਂ 30,000 ਰੁਪਏ ਦੀ ਰਿਸ਼ਵਤ ਲੈਂਦਿਆਂ ਮੌਕੇ ਤੇ ਹੀ ਗ੍ਰਿਫ਼ਤਾਰ ਕੀਤਾ ਹੈ।
ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਤੱਕ ਪਹੁੰਚ ਕੀਤੀ ਅਤੇ ਦੋਸ਼ ਲਾਇਆ ਕਿ ਉਕਤ ਜੇ.ਈ.-ਕਮ-ਮਾਈਨਿੰਗ ਇੰਸਪੈਕਟਰ ਉਸ ਤੋਂ ਉਸਾਰੀ ਅਧੀਨ ਨਵੀਂ ਅਨਾਜ ਮੰਡੀ, ਸ਼ੁਤਰਾਣਾ ਵਿੱਚ ਭਰਤੀ ਪਾਉਣ ਲਈ 30,000 ਰੁਪਏ ਦੀ ਮੰਗ ਕਰ ਰਿਹਾ ਹੈ ਜਿੱਥੇ ਉਹ ਠੇਕੇਦਾਰ ਵਜੋਂ ਕੰਮ ਕਰ ਰਿਹਾ ਹੈ।
ਉਸ ਵੱਲੋਂ ਦਿੱਤੀ ਜਾਣਕਾਰੀ ਦੀ ਪੜਤਾਲ ਕਰਨ ਉਪਰੰਤ ਪਟਿਆਲਾ ਦੀ ਵਿਜੀਲੈਂਸ ਟੀਮ ਨੇ ਜਾਲ ਵਿਛਾਇਆ ਅਤੇ ਦੋਸ਼ੀ ਮਾਈਨਿੰਗ ਇੰਸਪੈਕਟਰ ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ 30,000 ਰੁਪਏ ਦੀ ਰਿਸ਼ਵਤ ਲੈਂਦਿਆਂ ਮੌਕੇ `ਤੇ ਹੀ ਕਾਬੂ ਕਰ ਲਿਆ।
ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ ਖ਼ਿਲਾਫ਼ ਵਿਜੀਲੈਂਸ ਦੇ ਪੁਲਿਸ ਥਾਣਾ ਪਟਿਆਲਾ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕਰ ਲਿਆ ਹੈ ਅਤੇ ਅਗਲੇਰੀ ਜਾਂਚ ਜਾਰੀ ਹੈ।