Home Current Affairs ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਪਟਿਆਲਾ ਜ਼ਿਲ੍ਹੇ ‘ਚ 3 ਲੱਖ ਤੋਂ ਵਧੇਰੇ...

ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਪਟਿਆਲਾ ਜ਼ਿਲ੍ਹੇ ‘ਚ 3 ਲੱਖ ਤੋਂ ਵਧੇਰੇ ਲਾਭਪਾਤਰੀਆਂ ਦੇ ਈ-ਕਾਰਡ ਬਣੇ : ਡਾ. ਪ੍ਰੀਤੀ ਯਾਦਵ

0

ਪਟਿਆਲਾ, : ਸੂਬੇ ਦੇ ਲੋੜਵੰਦ ਲੋਕਾਂ ਨੂੰ 5 ਲੱਖ ਰੁਪਏ ਦੀ ਮੁਫ਼ਤ ਇਲਾਜ ਸਹੂਲਤ ਪ੍ਰਦਾਨ ਕਰਨ ਲਈ ਅਰੰਭ ਕੀਤੀ ਗਈ ਸਕੀਮ ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਪਟਿਆਲਾ ਜ਼ਿਲ੍ਹੇ ‘ਚ 3 ਲੱਖ 2 ਹਜ਼ਾਰ 186 ਲਾਭਪਾਤਰੀਆਂ ਦੇ ਕਾਰਡ ਬਣਾਏ ਗਏ ਹਨ ਅਤੇ ਇਨ੍ਹਾਂ ਕਾਰਡ ਧਾਰਕਾਂ ਵਿੱਚੋਂ 55 ਹਜ਼ਾਰ ਦੇ ਕਰੀਬ ਲਾਭਪਾਤਰੀਆਂ ਨੂੰ ਹੁਣ ਤੱਕ 40 ਕਰੋੜ ਰੁਪਏ ਦੀਆਂ ਮੁਫ਼ਤ ਇਲਾਜ ਸਹੂਲਤਾਂ ਮੁਹੱਈਆ ਕਰਵਾਈਆਂ ਗਈਆਂ ਹਨ। ਇਸ ਸਬੰਧੀ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਹੋਈ ਸਮੀਖਿਆ ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਡਾ. ਪ੍ਰੀਤੀ ਯਾਦਵ ਨੇ ਦੱਸਿਆ ਕਿ ਯੋਗ ਲਾਭਪਾਤਰੀ ਜਿਨ੍ਹਾਂ ਵੱਲੋਂ ਹਾਲੇ ਤੱਕ ਕਾਰਡ ਨਹੀਂ ਬਣਾਏ ਗਏ ਹਨ, ਉਨ੍ਹਾਂ ਨੂੰ ਇਸ ਯੋਜਨਾ ਦਾ ਲਾਭ ਦੇਣ ਲਈ ਨਵੇਂ ਕਾਰਡ ਬਣਾਉਣ ਵਾਸਤੇ ਵਿਡਾਲ ਕੰਪਨੀ ਵੱਲੋਂ ਕੈਂਪ ਲਗਾਏ ਜਾ ਰਹੇ ਹਨ ਅਤੇ ਕਾਮਨ ਸਰਵਿਸ ਸੈਂਟਰ ‘ਤੇ ਜਾਕੇ ਵੀ ਈ-ਕਾਰਡ ਬਣਾਇਆ ਜਾ ਸਕਦਾ ਹੈ।
ਡਾ. ਪ੍ਰੀਤੀ ਯਾਦਵ ਨੇ ਦੱਸਿਆ ਕਿ ਇਸ ਸਕੀਮ ਦਾ ਲਾਭ ਸਮਾਰਟ ਰਾਸ਼ਨ ਕਾਰਡ ਧਾਰਕ, ਕਿਰਤ ਵਿਭਾਗ ਕੋਲ ਰਜਿਸਟਰਡ ਕਾਮੇ, ਜੇ ਫਾਰਮ ਧਾਰਕ ਕਿਸਾਨ, ਲੋਕ ਸੰਪਰਕ ਵਿਭਾਗ ਵੱਲੋਂ ਜਾਰੀ ਐਕਰੀਡੇਸ਼ਨ ਤੇ ਪੀਲਾ ਕਾਰਡ ਧਾਰਕ ਪੱਤਰਕਾਰ, ਆਬਕਾਰੀ ਤੇ ਕਰ ਵਿਭਾਗ ਵੱਲੋਂ ਰਜਿਸਟਰਡ ਲਾਭਪਾਤਰੀ ਵਪਾਰੀ ਆਦਿ ਹਾਸਲ ਕਰ ਸਕਦੇ ਹਨ ਅਤੇ ਕਾਰਡ ਧਾਰਕ ਨੂੰ 5 ਲੱਖ ਰੁਪਏ ਪ੍ਰਤੀ ਪਰਿਵਾਰ ਪ੍ਰਤੀ ਸਾਲ ਇਲਾਜ ਦੀ ਸਹੂਲਤ ਹੈ।
ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਨੇ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਕਾਰਡ ਬਣਾਉਣ ਦੇ ਕੰਮ ‘ਚ ਹੋਰ ਤੇਜ਼ੀ ਲਿਆਂਦੀ ਜਾਵੇ ਅਤੇ ਕੈਂਪ ਲਗਾਕੇ ਯੋਗ ਲਾਭਪਾਤਰੀਆਂ ਦੇ ਈ-ਕਾਰਡ ਬਣਾਏ ਜਾਣ ਤਾਂ ਜੋ ਸਰਕਾਰ ਵੱਲੋਂ ਆਮ ਲੋਕਾਂ ਨੂੰ ਦਿੱਤੀ ਜਾ ਰਹੀ ਸਹੂਲਤ ਦਾ ਲਾਭ ਮਿਲ ਸਕੇ। ਉਨ੍ਹਾਂ ਕਿਹਾ ਕਿ ਨਵੇਂ ਈ-ਕਾਰਡ ਬਣਾਉਣ ਦੇ ਕੰਮ ‘ਚ ਕਿਸੇ ਵੀ ਪ੍ਰਕਾਰ ਦੀ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਇਸ ਸਬੰਧੀ ਹਰੇਕ ਹਫ਼ਤੇ ਸਮੀਖਿਆ ਮੀਟਿੰਗ ਕੀਤੀ ਜਾਵੇਗੀ।
ਇਸ ਮੌਕੇ ਸਿਵਲ ਸਰਜਨ ਡਾ. ਸਤਿੰਦਰ ਸਿੰਘ ਨੇ ਦੱਸਿਆ ਕਿ ਸਰਬੱਤ ਸਿਹਤ ਬੀਮਾ ਯੋਜਨਾ ਤਹਿਤ 15 ਸਰਕਾਰੀ ਅਤੇ 45 ਸੂਚੀਬੱਧ ਨਿੱਜੀ ਹਸਪਤਾਲਾਂ ‘ਚ ਮੁਫ਼ਤ ਇਲਾਜ ਦੀ ਸਹੂਲਤ ਉਪਲਬਧ ਹੈ। ਉਨ੍ਹਾਂ ਦੱਸਿਆ ਕਿ ਪਟਿਆਲਾ ਜ਼ਿਲ੍ਹੇ ‘ਚ ਐਸ.ਐਮ.ਓਜ਼ ਵੱਲੋਂ ਸਬ-ਡਵੀਜ਼ਨ ਪੱਧਰ ‘ਤੇ ਆਸ਼ਾ ਵਰਕਰਾਂ ਰਾਹੀਂ ਯੋਗ ਲਾਭਪਾਤਰੀਆਂ ਤੱਕ ਪਹੁੰਚ ਕਰਕੇ ਈ-ਕਾਰਡ ਬਣਵਾਏ ਜਾ ਰਹੇ ਹਨ। ਉਨ੍ਹਾਂ ਯੋਗ ਲਾਭਪਾਤਰੀਆਂ ਨੂੰ ਅਪੀਲ ਕੀਤੀ ਕਿ ਉਹ ਆਪਣਾ ਸਰਬੱਤ ਸਿਹਤ ਬੀਮਾ ਯੋਜਨਾ ਦਾ ਈ-ਕਾਰਡ ਜ਼ਰੂਰ ਬਣਵਾਉਣ ਤਾਂ ਮੁਫ਼ਤ ਸਿਹਤ ਸੇਵਾਵਾਂ ਦੀ ਸਹੂਲਤ ਪ੍ਰਦਾਨ ਕੀਤੀ ਜਾ ਸਕੇ।
ਮੀਟਿੰਗ ‘ਚ ਡਿਪਟੀ ਮੈਡੀਕਲ ਕਮਿਸ਼ਨਰ ਡਾ. ਸਜੀਲਾ ਖਾਨ, ਐਸ.ਐਮ.ਓ. ਡਾ. ਦਰਸ਼ਨ ਕੁਮਾਰ, ਡਾ. ਤੇਜਿੰਦਰ ਸਿੰਘ, ਡਾ. ਕਰਮਜੀਤ ਸਿੰਘ, ਡਾ. ਰਾਜੇਸ਼ ਸ਼ਰਮਾ ਸਮੇਤ ਵੱਖ-ਵੱਖ ਵਿਭਾਗਾਂ ਦੇ ਨੁਮਾਇੰਦੇ ਮੌਜੂਦ ਸਨ।

Exit mobile version