ਮਾਨਸਾ, : ਪ੍ਰਸਿੱਧ ਗਾਇਕ ਅਤੇ ਕਾਂਗਰਸ ਪਾਰਟੀ ਦੀ ਟਿਕਟ ’ਤੇ ਮਾਨਸਾ ਤੋਂ ਵਿਧਾਨ ਸਭਾ ਚੋਣ ਲੜੇ ਸਿੱਧੂ ਮੂਸੇਵਾਲਾ ਅਤੇ ਉਸਦੇ ਕੁਝ ਸਾਥੀਆਂ ’ਤੇ ਐਤਵਾਰ ਨੂੰ ਫਾਇਰਿੰਗ ਕਰ ਦਿੱਤੀ ਗਈ ਜਿਸ ਮਗਰੋਂ ਉਨ੍ਹਾਂ ਨੂੰ ਮਾਨਸਾ ਲਿਜਾਇਆ ਗਿਆ ਜਿੱਥੇ ਉਨ੍ਹਾਂ ਦੀ ਮੌਤ ਹੋ ਗਈ।
ਮੁਢਲੀ ਜਾਣਕਾਰੀ ਅਨੁਸਾਰ ਸ਼ੁੱਭਦੀਪ ਸਿੰਘ ਉਰਫ਼ ਸਿੱਧੂ ਮੂਸੇਵਾਲਾ ’ਤੇ ਫਾਇਰਿੰਗ ਉਸ ਵੇਲੇ ਕੀਤੀ ਗਈ ਜਦ ਉਹ ਆਪਣੇ ਘਰ ਤੋਂ ਨਿਕਲ ਆਪਣੀ ਮਹਿੰਦਰਾ ਥਾਰ ਗੱਡੀ ’ਤੇ ਲਗਪਗ 4-5 ਕਿਲੋਮੀਟਰ ਦੂਰ ਹੀ ਗਏ ਸਨ। ਇਸ ਮੌਕੇ ਸਿੱਧੂ ਮੂਸੇਵਾਲਾ ਆਪਣੀ ਗੱਡੀ ਆਪ ਚਲਾ ਰਹੇ ਸਨ। ਇਸ ਮੌਕੇ ਸਿੱਧੂ ਮੂਸੇਵਾਲਾ ਦੇ ਨਾਲ ਉਨ੍ਹਾਂ ਦੇ 2 ਹੋਰ ਸਾਥੀ ਵੀ ਸਨ।
ਪਿੰਡ ਜਵਾਹਰਕੇ ਵਿੱਚ ਹੋਈ ਇਸ ਫਾਇਰਿੰਗ ਦੌਰਾਨ ਸਿੱਧੂ ਮੂਸੇਵਾਲਾ ਨੂੂੰ ਗੋਲੀ ਲੱਗੀ ਅਤੇ ਉਨ੍ਹਾਂ ਨੂੰ ਮਾਨਸਾ ਸਿਵਲ ਹਸਪਤਾਲ ਲਿਜਾਇਆ ਗਿਆ ਜਿੱਥੇ ਉਨ੍ਹਾਂ ਨੇ ਦਮ ਤੋੜ ਦਿੱਤਾ।
ਐਸ.ਐਸ.ਪੀ. ਮਾਨਸਾ ਨੇ ਇਸ ਖ਼ਬਰ ਦੀ ਪੁਸ਼ਟੀ ਕੀਤੀ ਹੈ ਕਿ ਸਿੱਧੂ ਮੂਸੇਵਾਲਾ ਦੀ ਮੌਤ ਹੋ ਗਈ ਹੈ।
ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਪੰਜਾਬ ਸਰਕਾਰ ਵੱਲੋਂ ਜਿਨ੍ਹਾਂ 424 ਵਿਅਕਤੀਆਂ ਦੀ ਸੁਰੱਖ਼ਿਆ ਵਿੱਚ ਕਟੌਤੀ ਕੀਤੀ ਗਈ ਉਨ੍ਹਾਂ ਵਿੱਚ ਸਿੱਧੂ ਮੂਸੇਵਾਲਾ ਸ਼ਾਮਲ ਹੈ।