ਸੰਗਰੂਰ ਲੋਕ ਸਭਾ ਜ਼ਿਮਨੀ ਚੋਣਾਂ-ਪੜ੍ਹੋ,ਕਿਹੜੀ ਪਾਰਟੀ ਨੇ ਕਿਸਨੂੰ ਉਤਾਰਿਆ ਚੋਣ ਮੈਦਾਨ ‘ਚ

ਸੰਗਰੂਰ – ਸੰਗਰੂਰ ਲੋਕ ਸਭਾ ਦੀਆਂ ਜ਼ਿਮਨੀ ਚੋਣਾਂ ਨੂੰ ਲੈ ਕੇ ਮੈਦਾਨ ਪੂਰੀ ਤਰ੍ਹਾਂ ਭਖਿਆ ਹੋਇਆ ਹੈ। ਅੱਜ ਨਾਮਜ਼ਦਗੀਆਂ ਦੇ ਆਖਿਰੀ ਦਿਨ ਸ਼੍ਰੋਮਣੀ ਅਕਾਲੀ ਦਲ-ਬਸਪਾ ਦੀ ਸਾਂਝੀ ਉਮੀਦਵਾਰ ਕਮਲਦੀਪ ਕੌਰ ਰਾਜੋਆਣਾ, ਭਾਜਪਾ-ਪੰਜਾਬ ਲੋਕ ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ(ਸੰਯੁਕਤ) ਦੇ ਸਾਂਝੇ ਉਮੀਦਵਾਰ ਕੇਵਲ ਸਿੰਘ ਢਿੱਲੋਂ ਅਤੇ ਕਾਂਗਰਸ ਪਾਰਟੀ ਦੇ ਦਲਵੀਰ ਸਿੰਘ ਗੋਲਡੀ ਨੇ ਆਪਣੇ ਨਾਮਜ਼ਦਗੀ ਪੱਤਰ ਦਾਖਲ ਕੀਤੇ ਹਨ। ਇਸ ਤੋਂ ਪਹਿਲਾਂ ਸ਼ਨੀਵਾਰ ਨੂੰ ਸ਼੍ਰੋਮਣੀ ਅਕਾਲੀ ਦਲ(ਅੰਮ੍ਰਿਤਸਰ) ਦੇ ਸਿਮਰਨਜੀਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ ਦੇ ਗੁਰਮੇਲ ਸਿੰਘ ਵੱਲੋਂ ਵੀ ਨਾਮਜ਼ਦਗੀ ਦਾਖਲ ਕੀਤੀ ਗਈ ਸੀ। ਦੱਸ ਦਈਏ ਕਿ ਚੋਣਾਂ ਲੜਨ ਵਾਲਿਆਂ ਵਿੱਚ ਦਲਵੀਰ ਸਿੰਘ ਸੰਗਰੂਰ ਲੋਕ ਸਭਾ ਹਲਕੇ ਅੰਦਰ ਆਉਂਦੇ ਵਿਧਾਨ ਸਭਾ ਹਲਕਾ ਧੂਰੀ ਤੋਂ ਅਤੇ ਕੇਵਲ ਸਿੰਘ ਢਿੱਲੋਂ ਬਰਨਾਲਾ ਤੋਂ ਸਾਬਕਾ ਵਿਧਾਇਕ ਹਨ।ਅਕਾਲੀ-ਬਸਪਾ ਉਮੀਦਵਾਰ ਕਮਲਦੀਪ ਕੌਰ ਰਾਜੋਆਣਾ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਕੇਸ ਦੇ ਦੋਸ਼ੀ ਬਲਵੰਤ ਰਾਜੋਆਣਾ ਦੀ ਭੈਣ ਹੈ। ਅਕਾਲੀ ਦਲ ਨੇ ਬੰਦੀ ਸਿੱਖਾਂ ਦਾ ਮੁੱਦਾ ਬਣਾਉਂਦਿਆਂ ਕਮਲਦੀਪ ਨੂੰ ਟਿਕਟ ਦਿੱਤੀ ਹੈ। ਇਹ ਵੀ ਦੱਸਣਾ ਬਣਦਾ ਹੈ ਕਿ ਕੇਵਲ ਢਿੱਲੋਂ 2019 ਦੀਆਂ ਲੋਕ ਸਭਾ ਚੋਣਾਂ ਇਸੇ ਸੀਟ ਤੋਂ ਮੌਜੂਦਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਵਿਰੋਧ ਵਿੱਚ ਲੜੇ ਸਨ।ਮੁੱਖ ਮੰਤਰੀ ਭਗਵੰਤ ਮਾਨ ਇਸੇ ਸੀਟ ਤੋਂ ਦੋ ਵਾਰ ਜਿੱਤ ਕੇ ਲੋਕ ਸਭਾ ਵਿੱਚ ਪਹੁੰਚੇ ਸਨ। ਜਿਸ ਦੇ ਚੱਲਦਿਆਂ ਆਮ ਆਦਮੀ ਪਾਰਟੀ ਲਈ ਇਹ ਸੀਟ ਬਚਾਉਣੀ ਬਹੁਤ ਜਰੂਰੀ ਸਮਝੀ ਜਾ ਰਹੀ ਹੈ।

ਜਿਕਰਯੋਗ ਹੈ ਕਿ ਸੰਗਰੂਰ ਸੀਟ ਲਈ 23 ਜੂਨ ਨੂੰ ਵੋਟਾਂ ਪੈਣਗੀਆਂ ਅਤੇ ਵੋਟਾਂ ਦੀ ਗਿਣਤੀ 27 ਜੂਨ ਨੂੰ ਹੋਵੇਗੀ।