Home Political News ਹਲਕਾ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਨੇ ਕਰੀਬ 40 ਪੰਚਾਇਤਾਂ ਨੂੰ ਸਮਾਰਟ ਵਿਲੇਜ...

ਹਲਕਾ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਨੇ ਕਰੀਬ 40 ਪੰਚਾਇਤਾਂ ਨੂੰ ਸਮਾਰਟ ਵਿਲੇਜ ਕੰਪੇਨ ਅਧੀਨ ਵੰਡੇ ਵਿਕਾਸ ਕਾਰਜਾਂ ਲਈ ਗ੍ਰਾਂਟ ਦੇ ਚੈੱਕ

0

ਫਗਵਾੜਾ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਵੱਲੋਂ ਸੂਬੇ ਦੇ ਸਰਬਪੱਖੀ ਵਿਕਾਸ ਲਈ ਸ਼ੁਰੂ ਕੀਤੀ ਗਈ ਸਮਾਰਟ ਵਿਲੇਜ ਕੰਪੇਨ ਅਧੀਨ ਕਰੋੜਾਂ ਰੁਪਏ ਦੀਆਂ ਗ੍ਰਾਂਟਾਂ ਦਿੱਤੀਆਂ ਜਾ ਰਹੀਆਂ ਹਨ । ਜਿਸ ਦੇ ਤਹਿਤ ਅੱਜ ਸਥਾਨਕ ਬੀ. ਡੀ. ਪੀ. ਓ ਦਫਤਰ ਸਥਿਤ ਬਲਾਕ ਸੰਮਤੀ ਦਫਤਰ ਫਗਵਾੜਾ ਵਿਖੇ ਹਲਕਾ ਫਗਵਾੜਾ ਦੇ ਕਰੀਬ 40 ਪਿੰਡਾਂ ਦੀਆਂ ਪੰਚਾਇਤਾਂ ਨੂੰ ਸਮਾਰਟ ਵਿਲੇਜ ਕੰਪੇਨ ਅਧੀਨ ਦੂਸਰੇ ਦੌਰ ਵਿੱਚ ਵਿਕਾਸ ਕਾਰਜਾਂ ਦੇ ਪ੍ਰਵਾਨਗੀ ਪੱਤਰ ਅਤੇ ਲੋੜੀਂਦੀ ਗ੍ਰਾਂਟ ਦੇ ਚੈੱਕ ਵੰਡਣ ਸਬੰਧੀ ਸਮਾਗਮ ਦਾ ਆਯੋਜਨ ਬਲਾਕ ਸੰਮਤੀ ਫਗਵਾੜਾ ਦੇ ਚੇਅਰਮੈਨ ਗੁਰਦਿਆਲ ਸਿੰਘ ਭੁਲਾਰਾਈ ਦੀ ਅਗਵਾਈ ਅਤੇ ਬੀ ਡੀ. ਪੀ. ਓ. ਸੁਖਦੇਵ ਸਿੰਘ ਦੀ ਪ੍ਰਧਾਨਗੀ ਹੇਠ ਸੁਚੱਜੇ ਢੰਗ ਨਾਲ ਕੀਤਾ ਗਿਆ । ਇਸ ਮੌਕੇ ਹਲਕਾ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਵਿਸ਼ੇਸ਼ ਤੌਰ ‘ਤੇ ਸ਼ਾਮਲ ਹੋਏ ਅਤੇ ਉਹਨਾਂ ਦੇ ਨਾਲ ਜਿਲ੍ਹਾ ਪ੍ਰੀਸ਼ਦ ਮੈਂਬਰ ਨਿਸ਼ਾ ਰਾਣੀ ਖੇੜਾ ਅਤੇ ਵਾਈਸ ਚੇਅਰਮੈਨ ਮਾਰਕੀਟ ਕਮੇਟੀ ਫਗਵਾੜਾ ਦੇ ਚੇਅਰਮੈਨ ਤੇ ਸਰਪੰਚ ਜਗਜੀਵਨ ਲਾਲ (ਖਲਵਾੜਾ ਕਲੋਨੀ ) ਆਦਿ ਵੀ ਹਾਜ਼ਰ ਸਨ । ਸਮਾਗਮ ਦੌਰਾਨ ਪੰਚਾਂ – ਸਰਪੰਚਾਂ ਨੂੰ ਸੰਬੋਧਨ ਕਰਦਿਆਂ ਹਲਕਾ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਵੱਲੋਂ ਸੂਬੇ ਦੇ ਸਰਬਪੱਖੀ ਵਿਕਾਸ ਲਈ ਸ਼ੁਰੂ ਕੀਤੀ ਗਈ ਸਮਾਰਟ ਵਿਲੇਜ ਕੰਪੇਨ ਅਧੀਨ ਹਲਕਾ ਫਗਵਾੜਾ ਨੂੰ ਕਰੋੜਾਂ ਰੁਪਏ ਦੀਆਂ ਗ੍ਰਾਂਟਾਂ ਮੁਹੱਈਆ ਕਰਵਾਈਆਂ ਗਈਆਂ ਹਨ ਤਾਂ ਜੋ ਪਿੰਡਾਂ ਦੇ ਸਰਵਪੱਖੀ ਵਿਕਾਸ ਕਾਰਜ ਕਰਵਾ ਕੇ ਲੋਕਾਂ ਦਾ ਜੀਵਨ ਪੱਧਰ ਉੱਚਾ ਚੁੱਕਿਆ ਜਾ ਸਕੇ ਅਤੇ ਉਹਨਾਂ ਨੂੰ ਸ਼ਹਿਰਾਂ ਵਰਗੀਆਂ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਸਕਣ । ਉਹਨਾਂ ਪੰਚਾਇਤਾਂ ਨੂੰ ਵਿਸ਼ਵਾਸ ਦਿਵਾਇਆ ਕਿ ਪਿੰਡਾਂ ਦੇ ਵਿਕਾਸ ਕਾਰਜਾਂ ਲਈ ਗ੍ਰਾਂਟਾਂ ਦੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਹਰੇਕ ਪਿੰਡ ਦੇ ਲੋੜੀਂਦੇ ਵਿਕਾਸ ਕਾਰਜਾਂ ਨੂੰ ਤਰਜੀਹ ਦਿੱਤੀ ਜਾਵੇਗੀ ਤੇ ਵਿਕਾਸ ਪੱਖੋਂ ਕਿਸੇ ਵੀ ਪਿੰਡ ਨਾਲ ਪੱਖਪਾਤ ਨਹੀਂ ਕੀਤਾ ਜਾਵੇਗਾ । ਉਹਨਾਂ ਕਿਹਾ ਕਿ ਹਲਕੇ ਦੇ ਲੋਕਾਂ ਨਾਲ ਵਿਕਾਸ ਦੇ ਮੁੱਦੇ ‘ਤੇ ਜੋ ਵੀ ਵਾਅਦੇ ਕੀਤੇ ਹਨ, ਉਹਨਾਂ ਨੂੰ ਹਰ ਹੀਲੇ ਪੂਰਾ ਕੀਤਾ ਜਾਵੇਗਾ । ਇਸ ਮੌਕੇ ਚੇਅਰਮੈਨ ਗੁਰਦਿਆਲ ਸਿੰਘ ਭੁਲਾਰਾਈ ਨੇ ਕਿਹਾ ਕਿ ਹਲਕਾ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਨੇ ਚੋਣਾਂ ਦੌਰਾਨ ਲੋਕਾਂ ਨਾਲ ਵਿਕਾਸ ਕਾਰਜਾਂ ਦਾ ਵਾਅਦਾ ਕੀਤਾ ਸੀ, ਜਿਸ ਦੇ ਚੱਲਦਿਆਂ ਸਮੁੱਚੇ ਹਲਕੇ ਵਿੱਚ ਵਿਕਾਸ ਕਾਰਜ ਜੰਗੀ ਪੱਧਰ ‘ਤੇ ਜਾਰੀ ਹਨ । ਉਹਨਾਂ ਕਿਹਾ ਕਿ ਪਿੰਡਾਂ ਵਿੱਚ ਵਿਕਾਸ ਕਾਰਜਾਂ ਲਈ ਗ੍ਰਾਂਟਾਂ ਦੀ ਕੋਈ ਵੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਪੰਚਾਇਤਾਂ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਪਿੰਡਾਂ ਦੇ ਵਿਕਾਸ ਕਾਰਜਾਂ ਨੂੰ ਤਰਜੀਹ ਦੇਣ ਤਾਂ ਜੋ ਹਲਕਾ ਫਗਵਾੜਾ ਦੇ ਪਿੰਡ ਆਧੁਨਿਕ ਤਕਨੀਕ ਨਾਲ ਲੈਸ ਹੋ ਕੇ ਸਮਾਰਟ ਪਿੰਡ ਬਣ ਕੇ ਇਲਾਕੇ ਦਾ ਸਿਰਕੱਢ ਪਿੰਡ ਬਣ ਸਕੇ । ਉਹਨਾਂ ਕਿਹਾ ਕਿ ਪਿੰਡਾਂ ਦੇ ਵਿਕਾਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ ਅਤੇ ਜੋ ਪਿੰਡ ਬਾਕੀ ਰਹਿੰਦੇ ਹਨ, ਉਹਨਾਂ ਨੂੰ ਜਲਦੀ ਹੀ ਤੀਸਰੇ ਦੌਰ ਵਿੱਚ ਉਕਤ ਸਕੀਮ ਅਧੀਨ ਵਿਕਾਸ ਕਾਰਜਾਂ ਲਈ ਗ੍ਰਾਂਟਾਂ ਦੇ ਚੈੱਕ ਦਿੱਤੇ ਜਾਣਗੇ ਤਾਂ ਜੋ ਅਧੂਰੇ ਪਏ ਵਿਕਾਸ ਕਾਰਜਾਂ ਨੂੰ ਜਲਦੀ ਹੀ ਨੇਪਰੇ ਚਾੜਿਆ ਜਾ ਸਕੇ । ਇਸ ਮੌਕੇ ਪੰਚਾਂ -ਸਰਪੰਚਾਂ ਨੂੰ ਸੰਬੋਧਨ ਕਰਦਿਆਂ ਬੀ ਡੀ. ਪੀ. ਓ. ਸੁਖਦੇਵ ਸਿੰਘ ਨੇ ਕਿਹਾ ਕਿ ਪਿੰਡਾਂ ਦਾ ਸਮੁੱਚਾ ਵਿਕਾਸ ਕਰਵਾਉਣਾ, ਉਹਨਾਂ ਦਾ ਫਰਜ ਹੈ , ਜਿਸ ਦੇ ਚੱਲਦਿਆਂ ਪਿੰਡਾਂ ਦੀਆਂ ਪੰਚਾਇਤਾਂ ਨੂੰ ਵਿਕਾਸ ਕਾਰਜਾਂ ਲਈ ਗ੍ਰਾਂਟਾਂ ਦੇ ਗੱਫੇ ਦਿੱਤੇ ਜਾ ਰਹੇ ਹਨ ਅਤੇ ਜਿਸ ਦੀ ਬਦੌਲਤ ਪਿੰਡਾਂ ਵਿੱਚ ਵਿਕਾਸ ਕਾਰਜ ਜੰਗੀ ਪੱਧਰ ‘ਤੇ ਚਲ ਰਹੇ ਹਨ । ਉਹਨਾਂ ਨੇ ਸਮੂਹ ਪੰਚਾਇਤਾਂ ਨੂੰ ਅਪੀਲ ਕੀਤੀ ਕਿ ਉਹ ਮਗਨਰੇਗਾ ਅਧੀਨ ਸਰਕਾਰੀ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ ਅਤੇ ਵਾਤਾਵਰਨ ਨੂੰ ਹਰਿਆ ਭਰਿਆ ਰੱਖਣ ਲਈ ਵੱਡੀ ਪੱਧਰ ‘ਤੇ ਬੂਟੇ ਲਗਾ ਕੇ ਵਾਤਾਵਰਣ ਦੀ ਸੰਭਾਲ ਵਿੱਚ ਆਪਣਾ ਯੋਗਦਾਨ ਪਾਉਣ ਲਈ ਪ੍ਰੇਰਿਆ । ਇਸ ਮੌਕੇ ਸਮੂਹ ਪੰਚਾਂ – ਸਰਪੰਚਾਂ ਨੇ ਹਲਕਾ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਦਾ ਗ੍ਰਾਂਟਾਂ ਦੇ ਚੈੱਕ ਦੇਣ ਲਈ ਧੰਨਵਾਦ ਕੀਤਾ ।

Exit mobile version