ਪਟਿਆਲਾ, : ਦੇਸ਼ ਦੇ 67ਵੇਂ ਗਣਤੰਤਰ ਦਿਵਸ ਮੌਕੇ ਪਟਿਆਲਾ ਦੇ ਯਾਦਵਿੰਦਰਾ ਪਬਲਿਕ ਸਕੂਲ ਦੇ ਸਟੇਡੀਅਮ ਵਿਖੇ 26 ਜਨਵਰੀ ਨੂੰ ਮਨਾਏ ਜਾਣ ਵਾਲੇ ਜ਼ਿਲਾ ਪੱਧਰੀ ਸਮਾਰੋਹ ਦੀਆਂ ਤਿਆਰੀਆਂ ਨੂੰ ਅੰਤਿਮ ਛੋਹਾਂ ਦਿੰਦੇ ਹੋਏ ਅੱਜ ਫਾਈਨਲ ਰਿਹਰਸਲ ਹੋਈ। ਇਸ ਮੌਕੇ ਡਿਪਟੀ ਕਮਿਸ਼ਨਰ ਪਟਿਆਲਾ ਸ਼੍ ਵਰੁਣ ਰੂਜਮ ਨੇ ਕੌਮੀ ਝੰਡਾ ਲਹਿਰਾਉਣ ਉਪਰੰਤ ਪਰੇਡ ਦਾ ਨਿਰੀਖਣ ਕੀਤਾ ਅਤੇ ਮਾਰਚ ਪਾਸਟ ਤੋਂ ਸਲਾਮੀ ਲਈ । ਇਸ ਮੌਕੇ ਐਸ.ਐਸ.ਪੀ ਸ਼੍ ਗੁਰਮੀਤ ਸਿੰਘ ਚੌਹਾਨ ਵੀ ਉਨਾ ਦੇ ਨਾਲ ਸਨ।
ਪਟਿਆਲਾ ਵਿਖੇ ਹੋਣ ਵਾਲੇ ਜ਼ਿਲਾ ਪੱਧਰੀ ਗਣਤੰਤਰ ਦਿਵਸ ਸਮਾਰੋਹ ਦੌਰਾਨ ਪੰਜਾਬ ਦੇ ਕੈਬਨਿਟ ਮੰਤਰੀ ਸ. ਸੁਰਜੀਤ ਸਿੰਘ ਰੱਖੜਾ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ ਅਤੇ ਇਸ ਦੌਰਾਨ ਕਈ ਹੋਰ ਰਾਜਸੀ, ਸਮਾਜਿਕ ਤੇ ਧਾਰਮਿਕ ਸ਼ਖ਼ਸੀਅਤਾਂ, ਸਿਵਲ, ਪੁਲਿਸ, ਫੌਜ ਅਤੇ ਨਿਆਂਇਕ ਅਧਿਕਾਰੀ ਵੀ ਸ਼ਾਮਲ ਹੋਣਗੇ।
ਫਾਈਨਲ ਰਿਹਰਸਲ ਦੌਰਾਨ ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ ਵੱਲੋਂ ਪਰੇਡ ਦਾ ਨਿਰੀਖਣ ਕੀਤਾ ਗਿਆ। ਜ਼ਿਲਾ ਪੱਧਰੀ ਸਮਾਰੋਹ ਦੌਰਾਨ ਪੰਜਾਬ ਦੇ ਕੈਬਨਿਟ ਮੰਤਰੀ ਸ. ਸੁਰਜੀਤ ਸਿੰਘ ਰੱਖੜਾ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ ਅਤੇ ਪਰੇਡ ਦਾ ਨਿਰੀਖਣ ਕਰਨਗੇ। ਇਸ ਉਪਰੰਤ ਸ. ਰੱਖੜਾ ਵੱਲੋਂ ਪਟਿਆਲਾ ਵਾਸੀਆਂ ਦੇ ਨਾਂ ਸੰਦੇਸ਼ ਦਿੱਤਾ ਜਾਵੇਗਾ। ਮੁੱਖ ਮਹਿਮਾਨ ਦੇ ਭਾਸ਼ਣ ਤੋਂ ਬਾਅਦ ਪਰੇਡ ਵਿੱਚ ਸ਼ਾਮਲ ਟੁਕੜੀਆਂ ਪਰੇਡ ਕਮਾਂਡਰ ਡੀ.ਐਸ.ਪੀ ਇਨਵੈਸਟੀਗੇਸ਼ਨ ਸ਼੍ ਮਨਪਰੀਤ ਸਿੰਘ ਦੀ ਅਗਵਾਈ ਹੇਠ ਮਾਰਚ ਪਾਸਟ ਕਰਨਗੀਆਂ ।
ਗਣਤੰਤਰ ਦਿਵਸ ਮੌਕੇ ਵੱਖ-ਵੱਖ ਵਿਭਾਗਾਂ ਵੱਲੋਂ ਕੀਤੇ ਗਏ ਵਿਕਾਸ ਕਾਰਜਾਂ ਨੂੰ ਦਰਸਾਉਂਦੀਆਂ ਝਾਕੀਆਂ ਪੇਸ਼ ਕੀਤੀਆਂ ਜਾਣਗੀਆਂ। ਇਸ ਤੋਂ ਬਾਅਦ ਮੁੱਖ ਮਹਿਮਾਨ ਵੱਲੋਂ ਸੁਤੰਤਰਤਾ ਸੈਨਾਨੀਆਂ ਅਤੇ ਵੱਖ-ਵੱਖ ਖੇਤਰਾਂ ਵਿੱਚ ਸ਼ਲਾਘਾਯੋਗ ਕੰਮ ਕਰਨ ਵਾਲੀਆਂ ਸ਼ਖ਼ਸੀਅਤਾਂ ਨੂੰ ਸਨਮਾਨਤ ਕੀਤਾ ਜਾਵੇਗਾ। ਇਸ ਤੋਂ ਬਾਅਦ ਸਮਾਗਮ ਦੌਰਾਨ ਲੋੜਵੰਦਾਂ ਨੂੰ ਸਿਲਾਈ ਮਸ਼ੀਨਾਂ ਅਤੇ ਟਰਾਈ ਸਾਇਕਲਾਂ ਦੀ ਵੰਡ ਕੀਤੀ ਜਾਵੇਗੀ । ਇਸ ਉਪਰੰਤ ਮੁੱਖ ਮਹਿਮਾਨ ਵੱਲੋਂ ਪਰੇਡ ਕਮਾਂਡਰ ਤੋਂ ਇਲਾਵਾ ਪਹਿਲੇ ਅਤੇ ਦੂਸਰੇ ਸਥਾਨ ‘ਤੇ ਆਉਣ ਵਾਲੀਆਂ ਸੀਨੀਅਰ ਡਵੀਜ਼ਨ ਅਤੇ ਜੂਨੀਅਰ ਡਵੀਜ਼ਨ ਦੀਆਂ ਟੁਕੜੀਆਂ, ਝਾਕੀਆਂ, ਸਭਿਆਚਾਰਕ ਸਮਾਗਮ ਵਿੱਚ ਭਾਗ ਲੈਣ ਵਾਲੀਆਂ ਟੀਮਾਂ, ਬੈਂਡ ਮਾਸਟਰ ਨੂੰ ਵੀ ਸਨਮਾਨਤ ਕੀਤਾ ਜਾਵੇਗਾ ।
ਸਮਾਰੋਹ ਦੌਰਾਨ ਜ਼ਿਲਾ ਸਿੱਖਿਆ ਅਫਸਰ ਸੈਕੰਡਰੀ ਦੀ ਅਗਵਾਈ ਹੇਠ ਵੱਖ ਵੱਖ ਸਰਕਾਰੀ ਸਕੂਲਾਂ ਦੇ ਬੱਚੇ ਸਭਿਆਚਾਰਕ ਪਰੋਗਰਾਮ ਪੇਸ਼ ਕਰਨਗੇ। ਇਸ ਮੌਕੇ ਸ਼ਿਵਾਲਿਕ ਸਕੂਲ ਦੇ ਬੱਚਿਆਂ ਵੱਲੋਂ ਲੇਜ਼ੀਅਮ ਤੇ ਡੰਬਲ ਸ਼ੋਅ ਪੇਸ਼ ਕੀਤਾ ਜਾਵੇਗਾ ਅਤੇ ਨਰਾਇਣ ਪਬਲਿਕ ਸਕੂਲ ਦੇ ਬੱਚੇ ਗੁਬਾਰੇ ਛੱਡਣਗੇ। ਪਾਇਨੀਅਰ ਪਬਲਿਕ ਸਕੂਲ ਸਮਾਣਾ ਦੇ ਬੱਚੇ ਸਕਿੱਟ ਪੇਸ਼ ਕਰਨਗੇ ਅਤੇ ਸਵੈ ਰੱਖਿਆ ‘ਤੇ ਆਧਾਰਿਤ ਮਾਰਸ਼ਲ ਆਰਟ ਦੀ ਪੇਸ਼ਕਾਰੀ ਵੀ ਖਿੱਚ ਦਾ ਕੇਂਦਰ ਬਣੇਗੀ।
ਸਮਾਗਮ ਦੌਰਾਨ ਸਰਕਾਰੀ ਮਹਿੰਦਰਾ ਕਾਲਜ, ਸਰਕਾਰੀ ਮਲਟੀਪਰਪਜ਼ ਸੀਨੀਅਰ ਸੈਕੰਡਰੀ ਸਕੂਲ ਅਤੇ ਸਿਵਲ ਲਾਈਨਜ਼ ਦੇ ਵਿਦਿਆਰਥੀਆਂ ਵੱਲੋਂ ਤਿਆਰ ਭੰਗੜਾ ਅਤੇ ਸਰਕਾਰੀ ਕਾਲਜ ਲੜਕੀਆਂ ਦੀ ਟੀਮ ਵੱਲੋਂ ਪੰਜਾਬ ਦਾ ਲੋਕ ਨਾਚ ਗਿੱਧਾ ਪੇਸ਼ ਕੀਤਾ ਜਾਵੇਗਾ ।
ਗਣਤੰਤਰ ਦਿਵਸ ਦੀ ਫਾਈਨਲ ਰਿਹਰਸਲ ਮੌਕੇ ਵਧੀਕ ਡਿਪਟੀ ਕਮਿਸ਼ਨਰ ਜਨਰਲ ਸ਼੍ਰੀ ਮੋਹਿੰਦਰਪਾਲ, ਐਸ.ਡੀ.ਐਮ ਪਟਿਆਲਾ ਸ. ਗੁਰਪਾਲ ਸਿੰਘ ਚਾਹਲ, ਸਹਾਇਕ ਕਮਿਸ਼ਨਰ ਡਾ. ਸਿਮਰਪਰੀਤ ਕੌਰ, ਐਸ.ਪੀ ਸਿਟੀ ਸ਼੍ ਦਲਜੀਤ ਸਿੰਘ ਰਾਣਾ, ਜ਼ਿਲਾ ਵਿਕਾਸ ਤੇ ਪੰਚਾਇਤ ਅਫਸਰ ਸ਼੍ ਵਿਨੋਦ ਗਾਗਟ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਹੋਰ ਅਧਿਕਾਰੀ, ਸਕੂਲਾਂ ਤੇ ਕਾਲਜਾਂ ਦੇ ਵਿਦਿਆਰਥੀ ਤੇ ਅਧਿਆਪਕ ਵੀ ਵੱਡੀ ਗਿਣਤੀ ਵਿੱਚ ਹਾਜ਼ਰ ਸਨ।