Home Corruption News 90,000 ਰਿਸ਼ਵਤ ਮੰਗਣ ਵਾਲਾ ਖੁਰਾਕ ਤੇ ਸਿਵਲ ਸਪਲਾਈ ਇੰਸਪੈਕਟਰ ਵਿਜੀਲੈਂਸ ਵੱਲੋਂ  ਗ੍ਰਿਫ਼ਤਾਰ

90,000 ਰਿਸ਼ਵਤ ਮੰਗਣ ਵਾਲਾ ਖੁਰਾਕ ਤੇ ਸਿਵਲ ਸਪਲਾਈ ਇੰਸਪੈਕਟਰ ਵਿਜੀਲੈਂਸ ਵੱਲੋਂ  ਗ੍ਰਿਫ਼ਤਾਰ

0

ਚੰਡੀਗੜ੍ਹ, :– ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲ ਰਹੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਖੁਰਾਕ ਤੇ ਸਿਵਲ ਸਪਲਾਈ ਵਿਭਾਗ, ਪੰਜਾਬ ਦਾ ਇੰਸਪੈਕਟਰ ਅਮਨਦੀਪ ਗੁਪਤਾ 90,000 ਰੁਪਏ ਰਿਸ਼ਵਤ ਦੀ ਮੰਗਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਜਰਨੈਲ ਸਿੰਘ ਵਾਸੀ ਡਾਇਮੰਡ ਟਾਵਰ, ਖਰੜ, ਜ਼ਿਲ੍ਹਾ ਐਸ.ਏ.ਐਸ. ਨਗਰ ਵਲੋਂ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ‘ਤੇ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਹੈ ਕਿ ਉਸ ਵੱਲੋਂ ਖਰੀਦੇ ਇੱਟਾਂ ਦੇ ਭੱਠੇ ਦੀ ਮਲਕੀਅਤ ਵਿੱਚ ਤਬਦੀਲੀ ਕਰਨ ਅਤੇ ਲਾਈਸੈਂਸ ਦੇ ਨਵੀਨੀਕਰਨ ਬਦਲੇ ਉਕਤ ਮੁਲਜ਼ਮ ਨੇ ਉਸ ਕੋਲੋਂ 90,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਹੈ। ਸ਼ਿਕਾਇਤਕਰਤਾ ਨੇ ਅੱਗੇ ਦੱਸਿਆ ਕਿ ਇਸ ਤੋਂ ਪਹਿਲਾਂ ਖੁਰਾਕ ਤੇ ਸਿਵਲ ਸਪਲਾਈ, ਰੂਪਨਗਰ ਵਿਖੇ ਤਾਇਨਾਤ ਰਿਹਾ ਤੱਤਕਾਲੀ ਇੰਸਪੈਕਟਰ ਚਮਨ ਗੁਪਤਾ ਉਸ ਕੋਲੋਂ ਅਤੇ ਉਸ ਦੇ ਭਰਾ ਹਰਜੀਤ ਸਿੰਘ ਕੋਲੋਂ ਇਸੇ ਕੰਮ ਬਦਲੇ 30000 ਰੁਪਏ ਰਿਸ਼ਵਤ ਲੈ ਚੁੱਕਾ ਹੈ ਬਾਅਦ ਵਿੱਚ ਉਸ ਦੀ ਬਦਲੀ ਜ਼ਿਲ੍ਹਾ ਐੱਸ.ਬੀ.ਐੱਸ. ਨਗਰ ਦੀ ਹੋ ਗਈ।

ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਜਾਂਚ ਦੌਰਾਨ ਵਿਜੀਲੈਂਸ ਬਿਊਰੋ ਵੱਲੋਂ ਸ਼ਿਕਾਇਤ ਵਿੱਚ ਲਗਾਏ ਗਏ ਦੋਸ਼ ਸਹੀ ਪਾਏ ਗਏ। ਇਸ ਸਬੰਧੀ ਥਾਣਾ ਵਿਜੀਲੈਂਸ ਬਿਊਰੋ ਲੁਧਿਆਣਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕਰਕੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਉਸ ਨੂੰ ਭਲਕੇ ਅਦਾਲਤ ਅੱਗੇ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Exit mobile version