ਪਟਿਆਲਾ,:ਪੰਜਾਬ ਰਾਜ ਮਨੁੱਖੀ ਅਧਿਕਾਰ ਕਮਿਸ਼ਨ ਕੋਲ ਹੁਣ ਤੱਕ ਪੁੱਜੀਆਂ ਕਰੀਬ 2.24 ਲੱਖ ਸ਼ਿਕਾਇਤਾਂ ਵਿੱਚੋਂ 2 ਲੱਖ 16 ਹਜ਼ਾਰ 586 ਸ਼ਿਕਾਇਤਾਂ ਦਾ ਨਿਪਟਾਰਾ ਕੀਤਾ ਜਾ ਚੁੱਕਾ ਹੈ ਜਦਕਿ ਕਰੀਬ 8 ਹਜ਼ਾਰ ਮਾਮਲੇ ਵਿਚਾਰ ਅਧੀਨ ਹਨ। ਇਸ ਤੋਂ ਇਲਾਵਾ ਪੰਜਾਬ ਦੇ ਪਿੰਡਾਂ, ਕਸਬਿਆਂ, ਸ਼ਹਿਰਾਂ, ਵਿਦਿਅਕ ਅਦਾਰਿਆਂ ਸਮੇਤ ਹੋਰ ਸੰਸਥਾਨਾਂ ਵਿੱਚ ਮਨੁੱਖੀ ਅਧਿਕਾਰਾਂ ਬਾਰੇ ਜਾਗਰੂਕਤਾ ਪੈਦਾ ਕਰਨ ਲਈ ਵੱਡੀ ਗਿਣਤੀ ਵਿੱਚ ਸੈਮੀਨਾਰਾਂ ਦਾ ਆਯੋਜਨ ਵੀ ਕੀਤਾ ਜਾ ਚੁੱਕਾ ਹੈ । ਇਹ ਪ੍ਰਗਟਾਵਾ ਪੰਜਾਬ ਰਾਜ ਮਨੁੱਖੀ ਅਧਿਕਾਰ ਕਮਿਸ਼ਨਰ ਦੇ ਮੈਂਬਰ ਸ਼ ਬਲਜਿੰਦਰ ਸਿੰਘ ਠਾਕੁਰ ਨੇ ਭਾਸ਼ਾ ਵਿਭਾਗ ਵਿਖੇ ਹਿਊਮਨ ਰਾਈਟਸ ਪ੍ਰੋਟੈਕਸ਼ਨ ਵੈਲਫੇਅਰ ਸੁਸਾਇਟੀ ਵੱਲੋਂ ਆਯੋਜਿਤ ਸੈਮੀਨਾਰ ਦੀ ਪ੍ਰਧਾਨਗੀ ਕਰਦਿਆਂ ਕੀਤਾ। ਠਾਕੁਰ ਨੇ ਦੱਸਿਆ ਕਿ ਕਮਿਸ਼ਨ ਕੋਲ ਆਉਣ ਵਾਲੀਆਂ ਸ਼ਿਕਾਇਤਾਂ ਵਿੱਚੋਂ ਬਹੁ ਗਿਣਤੀ ਪੁਲਿਸ ਨਾਲ ਸਬੰਧਤ ਹੁੰਦੀਆਂ ਹਨ । ਉਨਾਂ ਦੱਸਿਆ ਕਿ ਅਜਿਹੀਆਂ ਸ਼ਿਕਾਇਤਾਂ ਦੀ ਗਿਣਤੀ 50 ਫੀਸਦੀ ਤੋਂ ਉਪਰ ਹੈ ਅਤੇ ਡਾਕਟਰਾਂ ਤੇ ਹੋਰ ਸਰਕਾਰੀ ਵਿਭਾਗਾਂ ਨਾਲ ਸਬੰਧਤ ਸ਼ਿਕਾਇਤਾਂ ਵੀ ਕਮਿਸ਼ਨ ਕੋਲ ਪੁੱਜਦੀਆਂ ਹਨ। ਉਨਾਂ ਕਿਹਾ ਕਿ ਲੋਕਾਂ ਵਿੱਚ ਆਪਣੇ ਅਧਿਕਾਰਾਂ ਦੀ ਪ੍ਰਾਪਤੀ ਲਈ ਕਾਫੀ ਚੇਤਨਤਾ ਪੈਦਾ ਹੋ ਚੁੱਕੀ ਹੈ ਅਤੇ ਆਪਣੇ ਅਧਿਕਾਰਾਂ ਨੂੰ ਹਾਸਲ ਕਰਨ ਲਈ ਲੋਕ ਕਮਿਸ਼ਨ ਕੋਲ ਪਹੁੰਚ ਕਰਦੇ ਹਨ ਅਤੇ ਕਮਿਸ਼ਨ ਵੱਲੋਂ ਸ਼ਿਕਾਇਤਾਂ ‘ਤੇ ਤੁਰੰਤ ਕਾਰਵਾਈ ਨੂੰ ਅਮਲ ਵਿੱਚ ਲਿਆਂਦਾ ਜਾਂਦਾ ਹੈ। ਉਨਾਂ ਕਿਹਾ ਕਿ ਜੇ ਕਿਸੇ ਵੀ ਵਿਅਕਤੀ ਨਾਲ ਧੱਕੇਸ਼ਾਹੀ ਹੁੰਦੀ ਹੈ ਅਤੇ ਕਿਤੇ ਵੀ ਉਸਦੀ ਸੁਣਵਾਈ ਨਹੀਂ ਹੋ ਰਹੀ ਤਾਂ ਉਹ ਸਾਦੇ ਕਾਗਜ਼ ‘ਤੇ ਆਪਣੀ ਦਰਖਾਸਤ ਲਿਖ ਕੇ ਮਨੁੱਖੀ ਅਧਿਕਾਰ ਕਮਿਸ਼ਨ ਨੂੰ ਭੇਜ ਸਕਦਾ ਹੈ ਜਿਸ ‘ਤੇ ਕਮਿਸ਼ਨ ਵੱਲੋਂ ਪਹਿਲ ਦੇ ਆਧਾਰ ‘ਤੇ ਕਾਰਵਾਈ ਕੀਤੀ ਜਾਂਦੀ ਹੈ । ਇਸ ਮੌਕੇ ਮੈਂਬਰ ਲੋਕ ਸਭਾ ਡਾ. ਧਰਮਵੀਰ ਗਾਂਧੀ ਨੇ ਵੀ ਸੈਮੀਨਾਰ ਵਿੱਚ ਸ਼ਿਰਕਤ ਕੀਤੀ ਅਤੇ ਮਨੁੱਖੀ ਅਧਿਕਾਰਾਂ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ। ਪ੍ਰਬੰਧਕਾਂ ਵੱਲੋਂ ਪ੍ਰਮੁੱਖ ਸ਼ਖਸੀਅਤਾਂ ਨੂੰ ਸਨਮਾਨਿਤ ਕਰਦਿਆਂ ਭਵਿੱਖ ਵਿੱਚ ਵੀ ਅਜਿਹੇ ਪ੍ਰੋਗਰਾਮ ਜਾਰੀ ਰੱਖਣ ਦਾ ਵਿਸ਼ਵਾਸ ਦਿਵਾਇਆ ਗਿਆ। ਇਸ ਦੌਰਾਨ ਸੰਸਥਾ ਦੇ ਪ੍ਰਧਾਨ ਸ਼੍ ਯਸ਼ਵੰਤ ਸ਼ਰਮਾ ਨੇ ਵੀ ਆਪਣੇ ਵਿਚਾਰ ਸਾਂਝੇ ਕੀਤੇ।