ਪਟਿਆਲਾ:ਦੇਸ਼ ਦੇ 69ਵੇਂ ਆਜ਼ਾਦੀ ਦਿਵਸ ਦਾ ਜ਼ਿਲਾ ਪੱਧਰੀ ਸਮਾਰੋਹ ਪਟਿਆਲਾ ਦੇ ਵਾਈ.ਪੀ.ਐਸ ਸਟੇਡੀਅਮ ਵਿਖੇ ਪੂਰੇ ਜੋਸ਼ੋ ਖਰੋਸ਼ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਪੰਜਾਬ ਦੇ ਵਿੱਤ ਮੰਤਰੀ ਸ. ਪਰਮਿੰਦਰ ਸਿੰਘ ਢੀਂਡਸਾ ਨੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ। ਸ. ਢੀਂਡਸਾ ਨੇ ਆਜ਼ਾਦੀ ਦਿਵਸ ਦੀ ਮੁਬਾਰਕਬਾਦ ਭੇਟ ਕਰਦਿਆਂ ਕਿਹਾ ਕਿ ਸਾਡੇ ਮਹਾਨ ਆਜ਼ਾਦੀ ਘੁਲਾਟੀਆਂ ਵਲੋਂ ਲਏ ਗਏ ਸੁਪਨਿਆਂ ਨੂੰ ਸਾਕਾਰ ਕਰਨ ਲਈ ਅਜੇ ਵੀ ਬਹੁਤ ਕੁਝ ਕਰਨ ਦੀ ਲੋੜ ਹੈ ਤਾਂ ਜੋ ਦੇਸ਼ ਦੇ ਆਵਾਮ ਦਾ ਜੀਵਨ ਪੱਧਰ ਉੱਚਾ ਚੁੱਕਿਆ ਜਾ ਸਕੇ। ਉਨਾ ਕਿਹਾ ਕਿ ਗਦਰ ਲਹਿਰ, ਕੂਕਾ ਲਹਿਰ, ਗੁਰਦੁਆਰਾ ਸੁਧਾਰ ਲਹਿਰ, ਬੱਬਰ ਅਕਾਲੀ ਲਹਿਰ, ਪੱਗੜੀ ਸੰਭਾਲ ਲਹਿਰ, ਭਾਰਤ ਛੱਡੋ ਅੰਦੋਲਨ ਵਰਗੀਆਂ ਮਹਾਨ ਲਹਿਰਾਂ ਅਤੇ ਸ਼ਹੀਦ-ਏ-ਆਜ਼ਮ ਸ: ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ, ਸ: ਕਰਤਾਰ ਸਿੰਘ ਸਰਾਭਾ, ਸ਼ਹੀਦ ਮਦਨ ਲਾਲ ਢੀਂਗਰਾ, ਲਾਲਾ ਲਾਜਪਤ ਰਾਏ, ਸ਼ਹੀਦ ਊਧਮ ਸਿੰਘ ਅਤੇ ਹੋਰ ਆਜ਼ਾਦੀ ਦੇ ਪਰਵਾਨਿਆਂ ਵਲੋਂ ਸਮੇਂ-ਸਮੇਂ ‘ਤੇ ਆਰੰਭੇ ਗਏ ਆਜ਼ਾਦੀ ਸੰਘਰਸ਼ਾਂ ਸਦਕਾ ਹੀ 15 ਅਗਸਤ 1947 ਨੂੰ ਸਾਡਾ ਦੇਸ਼ ਆਜ਼ਾਦ ਹੋਇਆ। ਉਨਾ ਦੀਨਾਨਗਰ ਵਿਖੇ ਦਹਿਸ਼ਤਗਰਦਾਂ ਵੱਲੋਂ ਕੀਤੇ ਫਿਦਾਇਨ ਹਮਲੇ ਨੂੰ ਨਾਕਾਮ ਕਰਨ ਵਾਲੇ ਪੰਜਾਬ ਪੁਲਿਸ ਦੇ ਸ਼ਹੀਦ ਬਹਾਦਰ ਜਵਾਨਾਂ ਨੂੰ ਵੀ ਸ਼ਰਧਾ ਦੇ ਫੁੱਲ ਭੇਟ ਕੀਤੇ।
ਸ. ਢੀਂਡਸਾ ਨੇ ਆਪਣੇ ਭਾਸ਼ਣ ਦੌਰਾਨ ਕਿਹਾ ਕਿ ਆਜ਼ਾਦੀ ਘੁਲਾਟੀਆਂ ਦੀ ਯਾਦ ਵਿੱਚ ਪੰਜਾਬ ਸਰਕਾਰ ਵੱਲੋਂ ਕਰਤਾਰਪੁਰ ਵਿਖੇ ਜੰਗ-ਏ-ਆਜ਼ਾਦੀ ਮੈਮੋਰੀਅਲ ਬਣਾਇਆ ਜਾ ਰਿਹਾ ਹੈ। ਉਨਾ ਕਿਹਾ ਕਿ 25 ਏਕੜ ਰਕਬੇ ਵਿੱਚ 300 ਕਰੋੜ ਦੀ ਲਾਗਤ ਨਾਲ ਬਣ ਰਿਹਾ ਇਹ ਮੈਮੋਰੀਅਲ ਆਪਣੇ ਆਪ ਵਿੱਚ ਦੇਸ਼ ਦਾ ਪਹਿਲਾ ਤੇ ਵਿਲੱਖਣ ਹੋਵੇਗਾ। ਇਸੇ ਤਰ੍ਹਾ ਅੰਮ੍ਰਿਤਸਰ ਵਿਖੇ ਸੈਨਿਕਾਂ ਦੀ ਯਾਦਗਾਰ ਬਣਾਈ ਜਾ ਰਹੀ ਹੈ। ਉਨਾ ਇਸ ਪਵਿੱਤਰ ਦਿਹਾੜੇ ਮੌਕੇ ਆਪਸੀ ਭਾਈਚਾਰਾ, ਫਿਰਕੂ ਸਦਭਾਵਨਾ ਅਤੇ ਅਮਨ ਤੇ ਸ਼ਾਂਤੀ ਬਣਾਈ ਰੱਖਦੇ ਹੋਏ ਦੇਸ਼ ਦੀ ਖੁਸ਼ਹਾਲੀ ‘ਚ ਆਪਣਾ ਅਹਿਮ ਯੋਗਦਾਨ ਪਾਉਣ ਦਾ ਸੱਦਾ ਦਿੱਤਾ।
ਇਸ ਤੋਂ ਪਹਿਲਾਂ ਸ. ਢੀਂਡਸਾ ਵੱਲੋਂ ਡਿਪਟੀ ਕਮਿਸ਼ਨਰ ਸ਼੍ ਵਰੁਣ ਰੂਜਮ ਅਤੇ ਐਸ.ਐਸ.ਪੀ ਸ਼੍ ਗੁਰਮੀਤ ਸਿੰਘ ਚੌਹਾਨ ਨਾਲ ਪਰੇਡ ਦਾ ਨਿਰੀਖਣ ਕੀਤਾ। ਇਸ ਤੋਂ ਬਾਅਦ ਮੁੱਖ ਮਹਿਮਾਨ ਨੇ ਡੀ.ਐਸ.ਪੀ ਸੰਦੀਪ ਸਿੰਘ ਦੀ ਅਗਵਾਈ ਹੇਠ ਇੰਡੋ ਤਿੱਬਤ ਬਾਰਡਰ ਪੁਲਿਸ, ਪੰਜਾਬ ਪੁਲਿਸ ਦੀਆਂ ਤਿੰਨ ਟੁਕੜੀਆਂ, ਪੰਜਾਬ ਹੋਮਗਾਰਡਜ਼, ਰੈਡ ਕਰਾਸ ਸੈਂਟ ਜੋਹਨ ਐਂਬੂਲੈਂਸ, ਸਕਾਊਟ, ਗਾਈਡ, ਐਨ.ਸੀ.ਸੀ. ਆਰਮੀ ਵਿੰਗ, ਐਨ.ਸੀ.ਸੀ. ਏਅਰ ਵਿੰਗ, ਐਨ.ਸੀ.ਸੀ ਲੜਕੀਆਂ ਅਤੇ ਆਈ.ਆਰ.ਬੀ ਬੈਂਡ ਤੋਂ ਸਲਾਮੀ ਲਈ ।