ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਚੋਣਾਂ 2017 ਕਰਵਾਉਣ ਲਈ ਚੋਣ ਕਮਿਸ਼ਨ ਨੇ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਕੇਂਦਰੀ ਚੋਣ ਕਮਿਸ਼ਨ ਦੀ 5 ਮੈਂਬਰੀ ਟੀਮ ਨੇ 2 ਦਿਨਾਂ ਲਈ ਪੰਜਾਬ ਦੌਰਾ ਕੀਤਾ। ਦੇਸ਼ ਦੇ ਉਪ ਚੋਣ ਕਮਿਸ਼ਨਰ ਸਨਦੀਪ ਸਕਸੈਨਾ ਦੀ ਅਗਵਾਈ ‘ਚ ਅੱਜ ਇਸ ਟੀਮ ਨੇ ਪੰਜਾਬ ਦੇ ਡੀਜੀਪੀ ਸੁਰੇਸ਼ ਅਰੋੜਾ ਤੇ ਸੂਬੇ ਦੇ ਮੁੱਖ ਸਕੱਤਰ ਸਰਵੇਸ਼ ਕੌਸ਼ਲ ਨਾਲ ਮੁਲਾਕਾਤ ਕੀਤੀ।
ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੀਕੇ ਸਿੰਘ ਮੁਤਾਬਕ ਚੋਣ ਕਮਿਸ਼ਨ ਦੇ ਇਸ ਦੌਰੇ ਦਾ ਮਕਸਦ ਸੂਬੇ ‘ਚ ਹੋਣ ਵਾਲੀਆਂ 2017 ਦੀਆਂ ਵਿਧਾਨ ਸਭਾ ਚੋਣਾਂ ਲਈ ਕੀਤੇ ਜਾਣ ਵਾਲੇ ਪ੍ਰਬੰਧਾਂ ਲਈ ਦਿਸ਼ਾ ਨਿਰਦੇਸ਼ ਦੇਣਾ ਹੈ। ਕਿਉਂਕਿ ਚੋਣਾਂ ਸਮੇਂ ਸਾਰੇ ਪ੍ਰਬੰਧਾਂ ਲਈ ਵੱਡੀ ਗਿਣਤੀ ਚੋਣ ਮੁਲਾਜ਼ਮਾਂ ਦੀ ਲੋੜ ਹੈ। ਕਰੀਬ ਇੱਕ- ਡੇਡ ਲੱਖ ਮੁਲਾਜ਼ਮਾਂ ਨੂੰ ਕਿਵੇਂ ਟ੍ਰੇਨਿੰਗ ਦਿੱਤੀ ਜਾਣੀ ਹੈ, ਤਾਂਕਿ ਬਿਨਾਂ ਕਿਸੇ ਮੁਸ਼ਕਿਲ ਦੇ ਨਿਰਪੱਖ ਚੋਣਾਂ ਕਰਵਾਈਆਂ ਜਾ ਸਕਣ। ਇਸ ਦੇ ਲਈ ਉੱਚ ਅਧਿਕਾਰੀਆਂ ਨਾਲ ਮੁਲਾਕਾਤ ਕਰ ਚੋਣ ਕਮਿਸ਼ਨ ਦੀ ਟੀਮ ਨੇ ਹਿਦਾਇਤਾਂ ਜਾਰੀ ਕੀਤੀਆਂ ਹਨ ਤੇ ਉਨ੍ਹਾਂ ਤੋਂ ਸਹਿਯੋਗ ਮੰਗਿਆ ਹੈ।
ਇਸ ਦੇ ਨਾਲ ਹੀ ਚੋਣਾਂ ਦੌਰਾਨ ਸੂਬੇ ‘ਚ ਲਾਅ ਐਂਡ ਆਰਡਰ ਦੀ ਸਥਿਤੀ ਨੂੰ ਬਰਕਰਾਰ ਰੱਖਣ ਲਈ ਵੱਡੀ ਗਿਣਤੀ ਪੁਲਿਸ ਬਲ ਦੀ ਤਾਇਨਾਤੀ ਕੀਤੀ ਜਾਣੀ ਹੈ। ਇਸ ਦੇ ਲਈ ਸੂਬੇ ਦੇ ਡੀਜੀਪੀ ਸੁਰੇਸ਼ ਅਰੋੜਾ ਨਾਲ ਵੀ ਵਿਚਾਰ ਵਟਾਂਦਰਾ ਕੀਤਾ ਗਿਆ ਹੈ। ਚੋਣ ਕਮਿਸ਼ਨ ਦਾ 5 ਮੈਂਬਰੀ ਵਫਦ ਅੱਜ ਵਾਪਸ ਪਰਤ ਗਿਆ ਹੈ। ਇਹ ਵਫਦ ਕੱਲ੍ਹ ਤੋਂ ਚੰਡੀਗੜ੍ਹ ਪਹੁੰਚਿਆ ਹੋਇਆ ਸੀ। ਇਹਨਾਂ ਵੱਲੋਂ ਕੱਲ੍ਹ ਸੂਬੇ ਦੇ ਮੁੱਖ ਚੋਣ ਅਧਿਕਾਰੀ ਵੀਕੇ ਸਿੰਘ ਨਾਲ ਵੀ ਮੁਲਾਕਾਤ ਕੀਤੀ ਗਈ ਸੀ।