ਚੰਡੀਗੜ੍ਹ,:- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਦੇ ਨੌਜਵਾਨਾਂ ਨੂੰ ਨਵੇਂ ਵਰ੍ਹੇ ਦਾ ਤੋਹਫਾ ਦਿੰਦਿਆਂ ਪੰਜਾਬ ਰਾਜ ਸਹਿਕਾਰੀ ਬੈਂਕ ਵਿੱਚ ਨਵੇਂ ਭਰਤੀ ਹੋਏ 520 ਕਲਰਕਾਂ-ਕਮ-ਡਾਟਾ ਐਂਟਰੀ ਅਪਰੇਟਰਾਂ ਨੂੰ ਨਿਯੁਕਤੀ ਪੱਤਰ ਸੌਂਪੇ।
ਇੱਥੇ ਟੈਗੋਰ ਥੀਏਟਰ ਵਿਖੇ ਨਿਯੁਕਤੀ ਪੱਤਰ ਸੌਂਪਣ ਤੋਂ ਬਾਅਦ ਨੌਜਵਾਨਾਂ ਦੇ ਮੁਖਾਤਿਬ ਹੁੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਅੱਜ ਦਾ ਇਹ ਨਿਯੁਕਤੀ ਪੱਤਰ ਵੰਡ ਸਮਾਰੋਹ ਉਨ੍ਹਾਂ ਦੀ ਸਰਕਾਰ ਦਾ ਪਲੇਠਾ ਸਮਾਗਮ ਨਹੀਂ ਹੈ ਕਿਉਂਕਿ ਸੂਬਾ ਸਰਕਾਰ ਹੁਣ ਤੱਕ ਅਜਿਹੇ ਕਈ ਸਮਾਗਮ ਕਰਕੇ 40,000 ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਲਈ ਨਿਯੁਕਤੀ ਪੱਤਰ ਵੰਡ ਚੁੱਕੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਪੰਜਾਬ ਦੀ ਪੁਰਾਤਨ ਸ਼ਾਨ ਬਹਾਲ ਕਰਕੇ ਮੁੜ ‘ਰੰਗਲਾ ਪੰਜਾਬ’ ਬਣਾਉਣ ਲਈ ਸੰਜੀਦਾ ਉਪਰਾਲੇ ਕਰ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਦੇ ਲਗਪਗ ਹਰੇਕ ਦੂਜੇ ਪਿੰਡ ਨੂੰ ਮਹਾਨ ਗੁਰੂ ਸਾਹਿਬਾਨ ਦੀ ਚਰਨ ਛੋਹ ਪ੍ਰਾਪਤ ਹੈ ਅਤੇ ਪੰਜਾਬ ਦੀ ਧਰਤੀ ਨੇ ਬਹਾਦਰ ਪੁੱਤ ਪੈਦਾ ਕੀਤੇ ਹਨ ਜਿਨ੍ਹਾਂ ਨੇ ਆਪਣੇ ਮੁਲਕ ਦੀ ਖਾਤਰ ਆਪਣਾ ਜੀਵਨ ਲੇਖੇ ਲਾ ਦਿੱਤਾ।
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬੀ ਪੈਦਾਇਸ਼ੀ ਉੱਦਮੀ ਹੁੰਦੇ ਹਨ ਅਤੇ ਇਨ੍ਹਾਂ ਵਿੱਚ ਅਗਵਾਈ ਕਰਨ ਦੇ ਗੁਣ ਹੁੰਦੇ ਹਨ ਅਤੇ ਏਸੇ ਕਰਕੇ ਦੁਨੀਆ ਭਰ ਵਿੱਚ ਪੰਜਾਬੀਆਂ ਨੇ ਆਪਣੀ ਕਾਬਲੀਅਤ ਦਾ ਲੋਹਾ ਮੰਨਵਾਇਆ ਹੈ। ਉਨ੍ਹਾਂ ਕਿਹਾ ਕਿ ਪੰਜਾਬੀਆਂ ਦੀ ਸਖ਼ਤ ਮਿਹਨਤ ਦਾ ਕੋਈ ਸਾਨੀ ਨਹੀਂ ਜਿਸ ਕਰਕੇ ਅੱਜ ਪੰਜਾਬੀ ਹਰੇਕ ਖੇਤਰ ਵਿੱਚ ਨਾਮਣਾ ਖੱਟ ਰਹੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬੀਆਂ ਦੇ ਇਸ ਜਜ਼ਬੇ ਦਾ ਲਾਹਾ ਸੂਬੇ ਦੀ ਤਰੱਕੀ ਤੇ ਖੁਸ਼ਹਾਲੀ ਲਈ ਵੀ ਚੁੱਕਿਆ ਜਾ ਸਕਦਾ।
ਮੁੱਖ ਮੰਤਰੀ ਨੇ ਕਿਹਾ ਕਿ ਬਹਾਦਰ ਅਤੇ ਸਮਰਪਿਤ ਭਾਵਨਾ ਵਾਲੇ ਪੰਜਾਬੀਆਂ ਨੇ ਦੇਸ਼ ਨੂੰ ਬਰਤਾਨਵੀ ਹਕੂਮਤ ਦੀ ਗੁਲਾਮੀ ਤੋਂ ਮੁਕਤ ਕਰਵਾਉਣ ਲਈ ਬੇਮਿਸਾਲ ਕੁਰਬਾਨੀਆਂ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਇਹ ਆਪਣੇ ਆਪ ਵਿੱਚ ਰਿਕਾਰਡ ਹੈ ਕਿ ਜਿਨ੍ਹਾਂ ਦੇਸ਼ ਭਗਤਾਂ ਨੇ ਆਪਣੀਆਂ ਜਾਨਾਂ ਕੁਰਬਾਨ ਕੀਤੀਆਂ ਜਾਂ ਕਿਸੇ ਨਾ ਕਿਸੇ ਰੂਪ ਵਿਚ ਅੰਗਰੇਜ਼ਾਂ ਦੇ ਜ਼ੁਲਮ ਦਾ ਸ਼ਿਕਾਰ ਹੋਏ, ਉਨ੍ਹਾਂ ਵਿੱਚੋਂ 90 ਫੀਸਦੀ ਤੋਂ ਵੱਧ ਪੰਜਾਬੀ ਸਨ। ਭਗਵੰਤ ਸਿੰਘ ਮਾਨ ਨੇ ਜ਼ੋਰ ਦੇ ਕੇ ਕਿਹਾ ਕਿ ਅੱਜ ਵੀ ਪੰਜਾਬ, ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਕਰਨ ਅਤੇ ਦੇਸ਼ ਨੂੰ ਅਨਾਜ ਉਤਪਾਦਨ ਵਿੱਚ ਆਤਮ ਨਿਰਭਰ ਬਣਾਉਣ ਲਈ ਸਭ ਤੋਂ ਅੱਗੇ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਮੁਖੀ ਹੋਣ ਦੇ ਨਾਤੇ ਉਨ੍ਹਾਂ ਦਾ ਹਰ ਕਦਮ ਸੂਬੇ ਦੀ ਤਰੱਕੀ ਅਤੇ ਲੋਕਾਂ ਦੀ ਖੁਸ਼ਹਾਲੀ ਨੂੰ ਯਕੀਨੀ ਬਣਾਉਣ ਨੂੰ ਸਮਰਪਿਤ ਹੁੰਦਾ ਹੈ। ਉਨ੍ਹਾਂ ਕਿਹਾ ਕਿ ਬਦਕਿਸਮਤੀ ਨਾਲ ਉਨ੍ਹਾਂ ਤੋਂ ਪਹਿਲੇ ਮੁੱਖ ਮੰਤਰੀਆਂ ਨੂੰ ਕਦੇ ਵੀ ਸੂਬੇ ਦੀ ਚਿੰਤਾ ਨਹੀਂ ਹੁੰਦੀ ਸੀ ਸਗੋਂ ਉਨ੍ਹਾਂ ਨੂੰ ਆਪਣੇ ਨਿੱਜੀ ਹਿੱਤਾਂ ਦਾ ਫਿਕਰ ਵੱਧ ਹੁੰਦਾ ਸੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹਰੇਕ ਮੁੱਦੇ ਨੂੰ ਲੈ ਕੇ ਸੂਬੇ ਦੇ ਨਕਾਰੇ ਹੋਏ ਸਿਆਸੀ ਆਗੂ ਉਨ੍ਹਾਂ ਦੀ ਨਿੱਤ ਨਿਖੇਧੀ ਕਰ ਰਹੇ ਹਨ।